ਰਾਮਪੁਰਾ ਫੂਲ, 21 ਮਈ (ਹੇਮੰਤ ਕੁਮਾਰ ਸ਼ਰਮਾ): ਮਿੳਾੂਸੀਪਲ ਕਮੇਟੀ ਸਫ਼ਾਈ ਸੇਵਕ ਯੂਨੀਅਨ ਰਾਮਪੁਰਾ ਫੂਲ ਵਲੋਂ ਆਪਣੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ, ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ, ਉਜ਼ਰਤਾਂ ਵਿਚ ਵਾਧਾ ਕਰਨ ਲਈ, ਕੱਚਿਆਂ ਕਾਮਿਆਂ ਨੂੰ ਪੱਕਾ ਕਰਵਾਉਣ ਲਈ ਤੇ ਵਧੇ ਹੋਏ ਕੰਮ ਅਨੁਸਾਰ ਨਵੀਂ ਭਰਤੀ ਕਰਨ ਲਈ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਬਿਜਲੀ ਮੁਲਾਜ਼ਮ ਯੂਨੀਅਨ ਤੇ ਇਨਕਲਾਬੀ ਕੇਂਦਰ ਪੰਜਾਬ ਨੇ ਮਿਉਂਸੀਪਲ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਹਿਯੋਗ ਦੇਣ ਦਾ ਐਲਾਨ ਕੀਤਾ | ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਗੁਰਨਾਮ ਸਿੰਘ ਮਹਿਰਾਜ, ਜਗਦੀਸ ਸਿੰਘ ਰਾਮਪੁਰਾ ਤੇ ਬਿਜਲੀ ਮੁਲਾਜ਼ਮ ਯੂਨੀਅਨ ਦੇ ਆਗੂ ਪਰਵਿੰਦਰ ਸਿੰਘ ਬਿੱਟੂ ਨੇ ਮਿਊਾਸੀਪਲ ਕਾਮਿਆਂ ਦੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਿਆਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ 'ਤੇ ਮਸਲਾ ਹੱਲ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਸਫ਼ਾਈ ਸੇਵਕ ਲਗਭਗ 15 ਦਿਨਾਂ ਤੋਂ ਹੜਤਾਲ 'ਤੇ ਬੈਠੇ ਹਨ, ਜਿਸ ਕਰਕੇ ਸ਼ਹਿਰ ਦਾ ਸਫ਼ਾਈ ਪੱਖੋਂ ਬੁਰਾ ਹਾਲ ਹੈ ਤੇ ਥਾਂ-ਥਾਂ ਕੂੜੇ ਦੇ ਢੇਰ ਲੱਗੇ ਪਏ ਹਨ, ਜਿਸ ਕਰਕੇ ਸ਼ਹਿਰ ਵਿਚ ਗੰਭੀਰ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ, ਫਿਰ ਵੀ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਪ੍ਰਤੀ ਚੁੱਪ ਧਾਰੀ ਹੋਈ ਹੈ | ਆਗੂਆਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਿੱਟੂ ਨੇ ਜਥੇਬੰਦੀ ਦੀ ਹਮਾਇਤ 'ਚ ਆਏ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਗਿਆ |