ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮਲੂਕਾ ਤੋਂ ਨਗਰ ਪੰਚਾਇਤ ਦੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਕੌਰ ਪਤਨੀ ਨਾਇਬ ਸਿੰਘ ਨੇ ਆਪਣੇ ਸਾਥੀਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸ਼ਾਮਿਲ ਹੋਣ ਵਾਲੇ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਪੰਚਾਇਤ ਮਲੂਕਾ ਦੇ 11 ਵਾਰਡਾਂ ਵਿਚੋਂ ਚੋਣ ਲੜ ਰਿਹਾ ਸੀ ਪ੍ਰੰਤੂ ਵਾਰਡ ਨੰਬਰ 3 ਦੇ ਉਮੀਦਵਾਰ ਦੇ ਧੱਕੇ ਨਾਲ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ | ਅੱਜ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ | ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਪੰਚਾਇਤ ਮਲੂਕਾ ਦੇ 11 ਵਾਰਡਾਂ ਤੋਂ ਅਤੇ ਹਲਕੇ ਦੀਆਂ 5 ਨਗਰ ਪੰਚਾਇਤਾਂ 'ਤੇ ਜਿੱਤ ਪ੍ਰਾਪਤ ਕਰੇਗਾ | ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ | ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਸਮੇਂ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਅਤੇ ਦਿੱਤੀਆਂ ਸਹੂਲਤਾਂ ਨੂੰ ਯਾਦ ਕਰਦਿਆਂ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਆਮ ਆਦਮੀ ਪਾਰਟੀ ਵੱਡੇ ਝੂਠ ਬੋਲ ਕੇ ਸੱਤਾ ਵਿਚ ਆਈ ਸੀ, ਹੁਣ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਾ ਹੈ | ਇਸ ਮੌਕੇ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ |