ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਸੱਦੀ ਗਈ ਪੰਥਕ ਕਾਨਫਰੰਸ 'ਚ ਵਹੀਰਾਂ ਘੱਤ ਕੇ ਪਹੁੰਚਣ। ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ੇਸ਼ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਧਨੌਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' 'ਚ ਸਿੱਖ ਸਿਧਾਂਤਾ ਅਤੇ ਰਹਿਤ ਮਰਿਆਦਾ ਦੇ ਉਲਟ ਦਰਜ ਕੀਤੀਆਂ ਮੱਦਾਂ ਦੇ ਵਿਰੋਧ 'ਚ ਇਹ ਕਾਨਫਰੰਸ ਸੱਦੀ ਗਈ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੋਮਣੀ ਕਮੇਟੀ ਨੂੰ ਭਰੋਸੇ 'ਚ ਲਏ ਬਿਨਾਂ ਬਣਾਇਆ ਗਿਆ ਇਹ ਕਾਨੂੰਨ ਸਿੱਖ ਭਾਵਨਾਵਾਂ ਤੇ ਮਰਿਆਦਾ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦਾ ਹੈ। ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿੰਗ ਕਮੇਟੀ ਮੈਂਬਰ ਐਸ.ਜੀ.ਪੀ.ਸੀ. ਨੇ ਆਖਿਆ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਦੀ ਜ਼ੋਰ-ਜ਼ਬਰਦਸਤੀ ਬਰਦਾਸ਼ਤ ਕਰਨ ਯੋਗ ਨਹੀਂ ਹੈ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ, ਰਘਬੀਰ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਵਿਸ਼ਵਕਰਮਾ ਜੀ, ਹੈੱਡ ਗ੍ਰੰਥੀ ਟੇਕ ਸਿੰਘ, ਭਾਈ ਹਰੀ ਸਿੰਘ ਸਹਿਗਲ, ਪ੍ਰਚਾਰਕ ਭਾਈ ਬਸੰਤ ਸਿੰਘ, ਮੋਹਣ ਸਿੰਘ, ਅੰਮ੍ਰਿਤਪਾਲ ਸਿੰਘ, ਤ੍ਰਿਲੋਚਨ ਸਿੰਘ ਤੋਂ ਇਲਾਵਾ ਗ੍ਰੰਥੀ ਸਿੰਘ, ਪ੍ਰਚਾਰਕ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵੱਡੀ ਗਿਣਤੀ 'ਚ ਹਾਜ਼ਰ ਸਨ।
31 ਨੂੰ ਬਾਬਾ ਬਕਾਲਾ ਪੰਥਕ ਕਾਨਫਰੰਸ 'ਚ ਸੰਗਤਾਂ ਵਹੀਰਾ ਘੱਤ ਕੇ ਪਹੁੰਚਣ- ਜਥੇ. ਧਨੌਲਾ
ਅਜੀਤ ਡੈਸਕ
24-05-2026