ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ, 210 ਵਾਰਡਾਂ 'ਚ 795 ਉਮੀਦਵਾਰ ਚੋਣ ਮੈਦਾਨ 'ਚ
ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਬਠਿੰਡਾ ਸਮੇਤ ਜ਼ਿਲੇ੍ਹ ਅਧੀਨ ਪੈਂਦੀਆਂ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਦੀਆਂ ਚੋਣਾਂ ਅੱਜ ਹੋਣ ਜਾ ਰਹੀਆਂ ਹਨ, ਜਿਨ੍ਹਾਂ 'ਚ ਵੋਟਰ ਸਮੇਤ ਦੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਵੋਟਾਂ ਪਾ ਸਕਣਗੇ | ਇਨ੍ਹਾਂ ਚੋਣਾਂ 'ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਸਮੇਤ ਵਿਰੋਧੀ ਧਿਰਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁਲ 795 ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ, ਸਟਰਾਂਗ ਰੂਮ, ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਨਗਰ ਨਿਗਮ ਬਠਿੰਡਾ ਸਮੇਤ ਨਗਰ ਕੌਂਸਲ ਭੁੱਚੋ ਮੰਡੀ, ਗੋਨਿਆਣਾ, ਰਾਮਾਂ, ਮੌੜ, ਕੋਟਫੱਤਾ ਅਤੇ ਸੰਗਤ ਦੇ ਨਾਲ-ਨਾਲ ਨਗਰ ਪੰਚਾਇਤ ਕੋਟਸ਼ਮੀਰ, ਲਹਿਰਾ ਮੁਹੱਬਤ, ਨਥਾਣਾ, ਭਗਤਾ ਭਾਈਕਾ, ਭਾਈ ਰੂਪਾ, ਕੋਠਾਗੁਰੂ, ਮਲੂਕਾ ਅਤੇ ਮਹਿਰਾਜ ਨਗਰ ਪੰਚਾਇਤਾਂ ਲਈ ਅੱਜ ਪੈਣ ਵਾਲੀਆਂ ਵੋਟਾਂ ਲਈ ਕੁਲ 387 ਪੋਲਿੰਗ ਬੂਥਾਂ ਲਈ ਕੁਲ 386 ਪੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਕੁਲ 1930 ਕਰਮਚਾਰੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ ਦੇ 5 ਵਜੇ ਤੱਕ ਪੈਣਗੀਆਂ | ਉਨ੍ਹਾਂ ਦੱਸਿਆ ਕਿ ਕੁਲ 210 ਵਾਰਡਾਂ 'ਚ ਕੁਲ 795 ਉਮੀਦਵਾਰ ਚੋਣ ਮੈਦਾਨ 'ਚ ਹਨ | ਐਸ.ਐਸ.ਪੀ. ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਢੰਗ ਅਤੇ ਅਮਨ ਕਾਨੂੰਨ ਨਾਲ ਨੇਪਰੇ ਚਾੜ੍ਹਨ ਲਈ 1600 ਪੁਲਿਸ ਅਫ਼ਸਰਾਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਹਰ ਇਕ ਰਿਟਰਨਿੰਗ ਅਫ਼ਸਰ ਨਾਲ ਗਜ਼ਟਿਡ ਪੁਲਿਸ ਅਫ਼ਸਰ ਅਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਹਨ | ਸਟਰਾਂਗ ਰੂਮ ਅਤੇ ਗਿਣਤੀ ਕੇਂਦਰਾਂ ਵਿਖੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਅਧਿਕਾਰੀਆਂ ਨੇ ਸਮੂਹ ਵੋਟਰਾਂ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ ਤਰੀਕੇ ਅਤੇ ਅਮਨ-ਅਮਾਨ ਨਾਲ ਸਿਰੇ ਚੜ੍ਹਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ |
ਨਗਰ ਨਿਗਮ ਬਠਿੰਡਾ ਸਮੇਤ ਜ਼ਿਲੇ੍ਹ ਦੀਆਂ 6 ਨਗਰ ਕੌਂਸਲਾਂ ਤੇ 8 ਨਗਰ ਪੰਚਾਇਤਾਂ ਦੀਆਂ ਚੋਣਾਂ ਅੱਜ
ਅਜੀਤ ਡੈਸਕ
26-05-2026