ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਵਿਚ ਵਾਰਡ ਨੰਬਰ-9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰਵੀਨ ਗਰਗ ਮਾਨੀ ਧਰਮ-ਪਤਨੀ ਪਵਨ ਮਾਨੀ ਨੇ ਵਾਰਡ ਵਾਸੀਆਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਸਰਵਪੱਖੀ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੇ ਪਹਿਲਾਂ ਵੀ ਬਤੌਰ ਕੌਂਸਲਰ ਤਨਦੇਹੀ ਨਾਲ ਸੇਵਾ ਨਿਭਾਈ ਹੈ ਅਤੇ ਵਾਰਡ ਨੂੰ ਹੋਰ ਨਮੂਨੇ ਦਾ ਬਣਾਉਣ ਲਈ ਉਹ ਇਸ ਵਾਰ ਵੀ ਚੋਣ ਮੈਦਾਨ ਵਿਚ ਉੱਤਰੀ ਹੈ | ਪ੍ਰਵੀਨ ਗਰਗ ਨੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਯਕੀਨ ਹੈ ਕਿ ਪਹਿਲਾਂ ਵਾਂਗੂ ਮਿਲੇ ਭਰਵੇਂ ਪਿਆਰ ਸਤਿਕਾਰ ਅਨੁਸਾਰ ਇਸ ਵਾਰ ਵੀ ਉਸ ਦੇ ਵਾਰਡ ਦੇ ਵੋਟਰ 26 ਮਈ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਵੱਡੀ ਗਿਣਤੀ ਵਿਚ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਉਨ੍ਹਾਂ ਦੇ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ 'ਹੱਥ' (ਪੰਜਾ) ਨੂੰ ਭਾਰੀ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ ਅਤੇ ਉਨ੍ਹਾਂ ਨੂੰ ਮੁੜ ਸੇਵਾ ਦਾ ਮੌਕਾ ਪ੍ਰਦਾਨ ਕਰਨਗੇ | ਉਨ੍ਹਾਂ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਪਵਨ ਮਾਨੀ ਨੇ ਕਿਹਾ ਕਿ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ, ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਹ ਵਚਨਬੱਧ ਹਨ |