ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਸੱਤਾ ਹਾਸਿਲ ਕਰਨ ਤੋਂ ਬਾਅਦ ਪੂਰੇ ਨਹੀਂ ਕੀਤੇ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕਰ ਕੇ ਰੈਗੂਲਰ ਭਰਤੀ ਕੀਤੀ ਜਾਵੇ, ਰਹਿੰਦੀਆਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਨਾਲ ਹੀ ਹੋਰ ਭੱਤੇ ਬਹਾਲ ਕਰ ਕੇ 2.59 ਦੇ ਗੁਣਾਂਕ ਨਾਲ ਪੈਨਸ਼ਨ ਦੀ ਸੁਧਾਈ ਕਰ ਕੇ ਲਾਗੂ ਕੀਤੀ ਜਾਵੇ | ਉਨ੍ਹਾਂ ਇਹ ਵੀ ਮੰਗ ਉਠਾਈ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਨਵੀਂ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, 1.1.26 ਤੋਂ ਪੰਜਾਬ ਦੇ 7ਵੇਂ ਪੇਅ ਕਮਿਸ਼ਨ ਦਾ ਗਠਨ ਕੀਤਾ ਜਾਵੇ | ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਨਵੀਨਰ ਸਿਕੰਦਰ ਸਿੰਘ ਘਰਾਂਗਣਾ, ਬਿੱਕਰ ਸਿੰਘ ਮਾਖਾ, ਅਮਰਜੀਤ ਸਿੰਘ ਸਿੱਧੂ, ਰਾਜ ਕੁਮਾਰ ਰੰਗਾ, ਸੀਤਲ ਸਿੰਘ ਉੱਡਤ, ਜੱਗਾ ਸਿੰਘ ਅਲੀਸ਼ੇਰ, ਹਿੰਮਤ ਸਿੰਘ ਦੂਲੋਵਾਲ, ਗੁਰਸੇਵਕ ਸਿੰਘ ਭੀਖੀ, ਮੇਜਰ ਸਿੰਘ ਬਾਜੇਵਾਲਾ, ਹਰਬੰਸ ਸਿੰਘ ਫਰਵਾਹੀ, ਰਾਜ ਕੁਮਾਰ, ਕੇਵਲ ਸਿੰਘ ਮਾਨਸਾ, ਆਤਮਾ ਸਿੰਘ ਪੁਮਾਰ, ਹਰਬੰਸ ਸਿੰਘ ਢਿੱਲੋਂ, ਜਸਵੰਤ ਸਿੰਘ ਕੁਲੈਹਰੀ, ਜੀਤ ਸਿੰਘ ਭੁੱਲਰ, ਜਨਕ ਸਿੰਘ ਫ਼ਤਿਹਪੁਰ, ਜਗਸੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |