ਰਾਮਾਂ ਮੰਡੀ, 28 ਮਈ (ਤਰਸੇਮ ਸਿੰਗਲਾ)ਬੀਤੇ ਕੁਝ ਦਿਨ ਪਹਿਲਾਂ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਵਲੋਂ ਚੰਡੀਗੜ੍ਹ ਸਥਿਤ ਵਿਜੀਲੈਂਸ ਦਫ਼ਤਰ 'ਚ ਕੀਤੀ ਗਈ ਛਾਪੇਮਾਰੀ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਘਟਨਾ ਪੁਲਿਸ ਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ | ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸੀ. ਆਈ. ਡੀ., ਵਿਜੀਲੈਂਸ ਅਤੇ ਸੀ. ਆਈ. ਏ. ਸਟਾਫ਼ ਵਰਗੇ ਵਿਭਾਗਾਂ ਵਿਚ ਅਕਸਰ ਅਦਲਾ-ਬਦਲੀ ਕੀਤੀ ਜਾਂਦੀ ਹੈ, ਜਿਸ ਕਾਰਨ ਜਾਂਚ ਏਜੰਸੀਆਂ ਦੀ ਨਿਰਪੱਖਤਾ ਅਤੇ ਕਾਰਗੁਜ਼ਾਰੀ ਪ੍ਰਭਾਵਿਤ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਵਿਭਾਗ ਖੁਦ ਭਿ੍ਸ਼ਟਾਚਾਰ ਦੇ ਦੋਸ਼ਾਂ ਕਾਰਨ ਸੁਰਖੀਆਂ ਵਿਚ ਰਹਿੰਦਾ ਹੈ, ਤਾਂ ਉਸੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜਾਂਚ ਇਕਾਈਆਂ ਵਿਚ ਤਬਦੀਲ ਕਰਨ ਨਾਲ ਪਾਰਦਰਸ਼ਤਾ ਬਣਾਈ ਰੱਖਣਾ ਮੁਸ਼ਕਿਲ ਹੋ ਜਾਂਦਾ ਹੈ | ਸਿੱਧੂ ਨੇ ਮੰਗ ਕੀਤੀ ਹੈ ਕਿ ਪੁਲਿਸ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸੀ ਆਈ ਡੀ, ਵਿਜੀਲੈਂਸ ਅਤੇ ਸੀ.ਆਈ.ਏ. ਲਈ ਅਲੱਗ-ਅਲੱਗ ਭਰਤੀ ਪ੍ਰਕਿਰਿਆ ਲਾਗੂ ਕੀਤੀ ਜਾਵੇ, ਤਾਂ ਜੋ ਇਨ੍ਹਾਂ ਵਿਭਾਗਾਂ ਦੀ ਸੁਤੰਤਰਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ |