ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਬਠਿੰਡਾ ਵਿਖੇ ਇਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਇਹ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ 321 ਏ ਵਿਖੇ ਸਥਾਪਤ ਕੀਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ. ਆਈ. ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਿਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ | ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹੈਲਪ ਡੈਸਕ 'ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟਰੇਸ਼ਨ, ਵੋਟ ਵਿਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖ਼ਰੀ ਐਸ. ਆਈ. ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜੋੜਨ ਵਿਚ ਵੀ ਸਹਾਇਤਾ ਦਿੱਤੀ ਜਾਵੇਗੀ | ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ | ਉਨ੍ਹਾਂ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਤਹਿਤ ਚੱਲ ਰਹੀ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿਚ ਹੈਲਪ ਡੈਸਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ |