ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ 'ਸਿੱਖਿਆ ਦਾ ਮਹਾਂ ਜਸ਼ਨ' ਤਹਿਤ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਅੱਜ ਬਠਿੰਡਾ ਜ਼ਿਲੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਵੀ ਕੀਤਾ ਗਿਆ | ਜ਼ਿਲੇ ਦੇ ਸਮੂਹ ਸਕੂਲਾਂ ਵਿਚ ਹੋਏ ਇਨਾਂ ਸਮਾਗਮਾਂ ਵਿਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੇ ਭਾਗ ਲਿਆ | ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸੈਕ:) ਮਮਤਾ ਖੁਰਾਣਾ ਵਲੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਵੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਲਾਢੇਵਾਲਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਦੌਰਾ ਕਰਕੇ 'ਸਿੱਖਿਆ ਦਾ ਮਹਾਂ ਜਸ਼ਨ' ਮੈਗਾ ਪੀ.ਟੀ.ਐਮ. ਤਹਿਤ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਵਲੋਂ ਦੇਸ਼ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ ਸਾਂਝੀ ਕੀਤੀ ਗਈ | ਵਿਭਾਗ ਵੱਲੋਂ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਬੋਰਡ ਕਲਾਸਾਂ ਅਤੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮਾਪਿਆਂ ਨੂੰ ਬੱਚਿਆਂ ਨਾਲ ਰੋਜ਼ਾਨਾ ਪੜਾਈ ਸੰਬੰਧੀ ਗੱਲਬਾਤ ਕਰਨ ਅਤੇ ਉਨਾਂ ਦੇ ਸਰਵਪੱਖੀ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਜ਼ਿਲਾ ਸਿੱਖਿਆ ਅਧਿਕਾਰੀਆਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਕੂਲ ਅਤੇ ਮਾਪਿਆਂ ਦੀ ਸਾਂਝੀ ਭਾਗੀਦਾਰੀ ਹੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ | ਉਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜਾਈ ਅਤੇ ਸਕੂਲੀ ਗਤੀਵਿਧੀਆਂ ਵਿਚ ਨਿਰੰਤਰ ਦਿਲਚਸਪੀ ਲੈਣ |