ਬਠਿੰਡਾ, 19 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਦੇ ਵਿਰੋਧ ਵਿਚ ਜ਼ਿਲ੍ਹਾ ਬਠਿੰਡਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਮੀਤ ਪ੍ਰਧਾਨ ਅਤੇ ਪ੍ਰੈਸ-ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਅਤੇ ਨਰੇਸ਼ ਗਰਗ ਦੀ ਅਗਵਾਈ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਮਲਹੋਤਰਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਇਕ ਸਮਾਗਮ ਦੌਰਾਨ ਪੰਜਾਬੀਆਂ ਨੂੰ ‘ਇਮੋਸ਼ਨਲ ਬਲਡੀ ਫੂਲਜ਼’ ਕਹਿਣਾ ਨਿੰਦਣਯੋਗ ਹੈ ਅਤੇ ਇਹ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਬਿਆਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿਚ ਦਿੱਤਾ ਗਿਆ ਸੀ, ਪਰ ਉਨ੍ਹਾਂ ਵਲੋਂ ਕੋਈ ਇਤਰਾਜ਼ ਨਹੀਂ ਕੀਤਾ ਗਿਆ। ਇਸ ਲਈ ਕੇਵਲ ਸਿੰਘ ਢਿੱਲੋਂ ਖ਼ਿਲਾਫ਼ ਵੀ ਪਾਰਟੀ ਵਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਬਲਵੰਤ ਰਾਏ ਨਾਥ, ਬਲਜੀਤ ਸਿੰਘ, ਮਾਧੋ ਸ਼ਰਮਾ, ਸੁਨੀਲ ਕੁਮਾਰ, ਜਗਮੀਤ ਸਿੰਘ, ਵਿਨੋਦ ਨਗਰੀਆ, ਸੁਖਦੇਵ ਸਿੰਘ ਬੁੱਟਰ, ਈਸ਼ਵਰ ਸ਼ਰਮਾ, ਦਰਸ਼ਨ ਸਿੰਘ, ਰੂਪ ਸਿੰਘ, ਦੁਨੀ ਚੰਦ ਕਲਾਣੀਆਂ, ਆਸ਼ੀਸ਼ ਕਪੂਰ, ਜੋਗਿੰਦਰ ਸਿੰਘ ਇੰਟਕ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।