ਬਠਿੰਡਾ, 19 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪੱਧਰ ‘ਤੇ 21 ਜੂਨ ਨੂੰ 12ਵਾਂ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ ਜਾਵੇਗਾ। ਇਸ ਸੰਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ 21 ਜੂਨ ਨੂੰ ਸਵੇਰੇ 6:30 ਤੋਂ 7:30 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ‘ਤੇ ਸਫਾਈ, ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਟੀਮਾਂ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਯੋਗ ਅਭਿਆਸ ਸਵੇਰੇ ਨਿਰਧਾਰਿਤ ਸਮਾਂ ਸਵੇਰੇ 6:30 ਤੋਂ 7:30 ਵਜੇ ਤੱਕ ਕੀਤਾ ਜਾਵੇਗਾ, ਜਿਸ ਵਿਚ ਮਾਹਿਰ ਟਰੇਨਰਾਂ ਵਲੋਂ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਜਾਵੇਗਾ।