ਬਾਲਿਆਂਵਾਲੀ, 24 ਜੂਨ (ਕੁਲਦੀਪ ਮਤਵਾਲਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਅਤੇ ਪੰਜਾਬੀ ਲਈ ਸਰਵਉੱਚ ਅਤੇ ਪਵਿੱਤਰ ਅਸਥਾਨ ਹੈ, ਪਰ ਕੁਝ ਲੋਕ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੌੜ ਹਲਕੇ ਦੇ ਪਿੰਡ ਮੰਡੀ ਕਲਾਂ ਵਿਖੇ ਕਰਵਾਈ ਗਈ ਵਿਸ਼ਾਲ ਲੋਕ ਮਿਲਣੀ ਦੌਰਾਨ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਕਿਸੇ ਵੀ ਪਰਿਵਾਰ ਜਾਂ ਧੜੇ ਦੇ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ । ਮੁੱਖ ਮੰਤਰੀ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਰੇਤ, ਟਰਾਂਸਪੋਰਟ, ਚਿੱਟੇ ਅਤੇ ਹੋਰ ਮਾਫ਼ੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਕਰਤੂਤਾਂ ਨੂੰ ਕਦੇ ਨਹੀਂ ਭੁੱਲਣਗੇ।