ਮਹਿਰਾਜ, 24 ਜੂਨ (ਸੁਖਪਾਲ ਮਹਿਰਾਜ)–ਮੁੱਖ ਮੰਤਰੀ ਭਗਵੰਤ ਮਾਨ ਮੰਡੀ ਕਲਾਂ ਵਿਖੇ ਲੋਕ ਮਿਲਣੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਕੋਵਿਡ ਵਲੰਟੀਅਰ ਬਠਿੰਡਾ (ਪੰਜਾਬ) ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਆਪਣਾ ਮੰਗ ਪੱਤਰ ਸੌਂਪਿਆ। ਸੂਬਾ ਪ੍ਰਧਾਨ ਸ਼ੁਭਮ ਗਰੋਵਰ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਨੌਕਰੀ ਬਹਾਲੀ ਲਈ ਸੰਘਰਸ਼ ਕਰ ਰਹੇ ਹਨ, ਪਰ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਆਮ ਅਤੇ ਖਾਸ ਲੋਕਾਂ ਦੀ ਸੇਵਾ ਕਰਦਿਆਂ ਸਰਕਾਰ ਦੇ ‘ਮਿਸ਼ਨ ਫ਼ਤਿਹ’ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ, ਪਰ ਬਾਅਦ ਵਿਚ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਰਾਜ ਨੇ ਕਿਹਾ ਕਿ 2023 ਵਿਚ ਮੁੱਖ ਮੰਤਰੀ ਨੇ ਦਿਵਾਲੀ ਮੌਕੇ ਨੌਕਰੀ ਬਹਾਲੀ ਦਾ ਭਰੋਸਾ ਦਿੱਤਾ ਸੀ, ਪਰ ਉਹ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 15 ਜੂਨ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸਿਹਤ ਮੰਤਰੀ ਡਾ: ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨੂੰ ਕੋਵਿਡ ਵਲੰਟੀਅਰਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਲਈ ਕਿਹਾ ਗਿਆ ਸੀ, ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਸੂਬਾ ਚੇਅਰਮੈਨ ਸਤਨਾਮ ਸਿੰਘ ਗੁੰਮਟੀ ਅਤੇ ਵਾਇਸ ਚੇਅਰਮੈਨ ਜਗਮੇਲ ਸਿੰਘ ਮਹਿਰਾਜ ਨੇ ਕਿਹਾ ਕਿ ਜੇਕਰ ਸਰਕਾਰ ਕੋਵਿਡ ਵਲੰਟੀਅਰਾਂ ਨੂੰ ਮੁੜ ਨੌਕਰੀ ’ਤੇ ਬਹਾਲ ਨਹੀਂ ਕਰਦੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਵੋਟ ਰਾਹੀਂ ਸਰਕਾਰ ਨੂੰ ਜਵਾਬ ਦੇਣਗੇ। ਇਸ ਮੌਕੇ ਸੂਬਾ ਸਕੱਤਰ ਹਰਦੀਪ ਸਿੰਘ ਰਾਮਪੁਰਾ, ਸੂਬਾ ਸਲਾਹਕਾਰ ਭੁਪਿੰਦਰ ਸਿੰਘ ਫਰੀਦਕੋਟ, ਗੁਰਵਿੰਦਰ ਕੌਰ, ਵੀਰਪਾਲ ਕੌਰ, ਕੁਲਵਿੰਦਰ ਸਿੰਘ ਆਦਿ ਵਲੰਟੀਅਰ ਹਾਜ਼ਰ ਸਨ।