ਬਠਿੰਡਾ, 30 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ ਜੋ ਕਿ ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਤਹਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਫਾਰਮ ਵੰਡਣ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਠਿੰਡਾ ਜ਼ਿਲੇ੍ਹ ਭਰ ਵਿਚ 1192 ਬੀ.ਐਲ.ਓਜ਼ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣ ਅਤੇ ਫਾਰਮ ਨੂੰ ਭਰਵਾਉਣ ਦੀ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਤਹਿਤ ਜਿਹੜੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿਚ ਦਰਜ ਕੀਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ, ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐਲ.ਓਜ਼ ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ਉੱਤੇ ਮੁਕੰਮਲ ਕਰਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਵੀ ਇਸ ਕਾਰਜ ’ਚ ਸਹਿਯੋਗ ਦੇਣ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ, ਆਪਣੀ ਵੋਟ ਬਣਵਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫ਼ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗਣਨਾ ਫਾਰਮ ਵੰਡਣ ਦਾ ਕੰਮ ਜ਼ੋਰਾਂ ’ਤੇ : ਜ਼ਿਲ੍ਹਾ ਚੋਣ ਅਫ਼ਸਰ
ਅਜੀਤ ਡੈਸਕ
01-07-2026