ਬਠਿੰਡਾ, 2 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮਨਰੇਗਾ ਦੀ ਥਾਂ ਨਵਾਂ ’ਜੀ ਰਾਮ ਜੀ’ ਕਾਨੂੰਨ ਲਾਗੂ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਪੇਂਡੂ ਮਜ਼ਦੂਰਾਂ, ਖ਼ਾਸ ਕਰਕੇ ਔਰਤਾਂ ਦੇ ਰੁਜ਼ਗਾਰ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਦੋਸ਼ ਲਗਾਏ ਕਿ ਸਰਕਾਰ ਨੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਇਹ ਕਾਨੂੰਨ ਲਾਗੂ ਕਰਕੇ ਆਪਣੇ ਹੀ ਵਾਅਦਿਆਂ ਤੋਂ ਮੁਕਰਨ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਦੀ ਆਰਥਿਕ ਮੱਦਦ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਦੂਜੇ ਪਾਸੇ ਇਹ ਕਾਨੂੰਨ ਲਾਗੂ ਕਰਕੇ ਮਨਰੇਗਾ ਰਾਹੀਂ ਪੇਂਡੂ ਮਜ਼ਦੂਰਾਂ, ਖਾਸਕਰ ਔਰਤਾਂ ਨੂੰ ਮਿਲਦੇ ਰੁਜ਼ਗਾਰ ਦੇ ਮੌਕਿਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ 30 ਦਸੰਬਰ 2025 ਨੂੰ ਪੰਜਾਬ ਵਿਧਾਨ ਸਭਾ ਵਿਚ ਇਸ ਕਾਨੂੰਨ ਨੂੰ ਰੱਦ ਕਰਨ ਲਈ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ, ਪਰ ਹੁਣ ਉਹੀ ਸਰਕਾਰ ਇਸ ਨੂੰ ਲਾਗੂ ਕਰ ਰਹੀ ਹੈ, ਜੋ ਲੋਕਾਂ ਨਾਲ ਵਿਸ਼ਵਾਸਘਾਤ ਹੈ। ਅਵਤਾਰ ਸਿੰਘ ਗੋਨਿਆਣਾ ਨੇ ਦੋਸ਼ ਲਗਾਏ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਨੀਤੀਆਂ ਨੂੰ ਪੰਜਾਬ ‘ਚ ਲਾਗੂ ਕਰ ਰਹੀ ਹੈ। ਕਾਂਗਰਸੀ ਆਗੂਆਂ ਨੇ ਭਾਜਪਾ ਦੇ ਦਾਅਵਿਆਂ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨਾਲ ਮਜ਼ਦੂਰਾਂ ਦੇ ਸੰਵਿਧਾਨਕ ਹੱਕਾਂ ਅਤੇ ਰੁਜ਼ਗਾਰ ਸੁਰੱਖਿਆ ’ਤੇ ਸਿੱਧਾ ਅਸਰ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹ ਫ਼ੈਸਲਾ ਵਾਪਸ ਲੈਣ ਅਤੇ ਪੇਂਡੂ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਮੰਗ ਕੀਤੀ।
ਕਾਂਗਰਸੀ ਆਗੂ ਅਵਤਾਰ ਗੋਨਿਆਣਾ ਵਲੋਂ ’ਜੀ ਰਾਮ ਜੀ’ ਕਾਨੂੰਨ ਦਾ ਵਿਰੋਧ
ਅਜੀਤ ਡੈਸਕ
03-07-2026