ਬਠਿੰਡਾ, 8 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ‘ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਨੇ ਹੁਣ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੇਵਕ ਸਿੰਘ, ਸੀਨੀਅਰ ਉੱਪ-ਪ੍ਰਧਾਨ ਨਰਿੰਦਰ ਕੁਮਾਰ ਤੇ ਸੂਬਾ ਸਰਪ੍ਰਸਤ ਵਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਚਾਇਤੀ ਵਿਭਾਗ ਅਧੀਨ ਪਿਛਲੇ 18 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਵਾਂਗ ਸੂਬੇ ਦੀ ਮੌਜੂਦਾ ਆਪ ਸਰਕਾਰ ਵੀ ਉਨ੍ਹਾਂ ਨੂੰ ਪੱਕਾ ਕਰਨ ਤੋਂ ਭੱਜ ਗਈ ਹੈ, ਸਗੋਂ ਪਿਛਲੇ 8 ਮਹੀਨਿਆਂ ਦੀ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਰੋਸ ਕਾਰਨ ਨਰੇਗਾ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ 10 ਜੁਲਾਈ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਮੁੱਖ ਦਫਤਰ ‘ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜਨ ਅਤੇ 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਲੇਰੀ ਕਿਤੇ ਵੀ ਹੋਣ ਵਾਲੀ ਲੋਕ ਮਿਲਣੀ ਵਿਚ ਜਾ ਕੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਸਬੰਧੀ ਸਵਾਲ ਕੀਤੇ ਜਾਣਗੇ।