ਤਲਵੰਡੀ ਸਾਬੋ, 13 ਜੁਲਾਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਕੀਤੀ। ਤਖਤ ਸਾਹਿਬ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਉਕਤ ਮੁਲਾਕਾਤ ਦੌਰਾਨ ਮੌਜੂਦਾ ਪੰਥਕ ਚੁਣੌਤੀਆਂ ਅਤੇ ਅਕਾਦਮਿਕ ਖੇਤਰ ਵਿਚ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ-ਪਸਾਰ ਨੂੰ ਲੈ ਕੇ ਬੇਹੱਦ ਉਸਾਰੂ ਅਤੇ ਖੁੱਲ੍ਹੇ ਮਾਹੌਲ ਵਿਚ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।ਪ੍ਰੈੱਸ ਬਿਆਨ ਅਨੁਸਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਸੰਪੂਰਨਤਾ ਦਿਵਸ’ ਦੀ ਇਤਿਹਾਸਕ ਅਹਿਮੀਅਤ ਨੂੰ ਮੁੱਖ ਰੱਖਦਿਆਂ, ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ (ਸਕੂਲਾਂ ਅਤੇ ਕਾਲਜਾਂ) ਦਾ ਇੱਕ ਵਿਸ਼ਾਲ ਗੁਰਮਤਿ ਸਮਾਗਮ ਦਮਦਮਾ ਸਾਹਿਬ ਦੀ ਪਾਵਨ ਧਰਤੀ ਤੇ ਉਲੀਕਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਆਕਰਸ਼ਣ ਅਤੇ ਸੇਵਾ ਖ਼ੁਦ ਵਿਦਿਆਰਥੀਆਂ ਹੱਥ ਹੋਣੀ ਚਾਹੀਦੀ ਹੈ, ਜਿੱਥੇ ਬੱਚੇ ਖ਼ੁਦ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਨ,ਬੀਰ-ਰਸੀ ਢਾਡੀ ਵਾਰਾਂ ਰਾਹੀਂ ਇਤਿਹਾਸ ਸੁਰਜੀਤ ਕਰਨ ਅਤੇ ਗੁਰਮਤਿ ਇਤਿਹਾਸ ਨੂੰ ਦਰਸਾਉਂਦੀਆਂ ਵਿਸ਼ੇਸ਼ ਪ੍ਰਦਰਸ਼ਨੀਆਂ ਖ਼ੁਦ ਤਿਆਰ ਕਰਕੇ ਲਗਾਉਣ।ਜਥੇਦਾਰ ਸਾਹਿਬ ਦੇ ਇਸ ਦੂਰਅੰਦੇਸ਼ੀ ਅਤੇ ਪ੍ਰੇਰਨਾਦਾਇਕ ਆਦੇਸ਼ ਦਾ ਭਰਵਾਂ ਸਵਾਗਤ ਕਰਦਿਆਂ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਨੇ ਤੁਰੰਤ ਇਸ ਤੇ ਸਹਿਮਤੀ ਜਤਾਈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਦੀ ਸਰਪ੍ਰਸਤੀ ਹੇਠ ਇਹ ਸਮਾਗਮ ਕਰਵਾਇਆ ਜਾਵੇਗਾ ਤੇ ਇਸ ਸਮਾਗਮ ਨੂੰ ਬਹੁਤ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ, ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਨਹਿਰੀ ਅਮੀਰ ਵਿਰਸੇ ਅਤੇ ਗੁਰਬਾਣੀ ਦੇ ਸਿਧਾਂਤਾਂ ਨਾਲ ਪੂਰੀ ਤਰ੍ਹਾਂ ਜੁੜ ਸਕੇ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਦੀਆਂ ਵਿੱਦਿਅਕ ਸੇਵਾਵਾਂ ਲਈ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ‘ਸਿਰੋਪਾਉ’ ਭੇਟ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਵੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
14-07-2026