ਭਗਤਾ ਭਾਈਕਾ, 14 ਜੁਲਾਈ (ਸੁਖਪਾਲ ਸਿੰਘ ਸੋਨੀ)-ਆਊਟਲੈੱਟ ਸਟੋਰ ਭਗਤਾ ਭਾਈਕਾ ਦੇ ਕੱਚੇ ਕਾਮਿਆਂ ਵਲੋਂ ਗੇਟ ਅੱਗੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਸਮੇਂ ਕਾਮਿਆਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਮੇਂ ਕਾਮਿਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਕੰਟਰੈਕਚੁਅਲ ਵਰਕਰ ਯੂਨੀਅਨ ਅਤੇ ਤਾਲਮੇਲ ਕਮੇਟੀ ਪੰਜਾਬ ਦੇ ਝੰਡੇ ਹੇਠ ਬਿਜਲੀ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਧਰਨੇ ਅਤੇ ਹੜ੍ਹਤਾਲਾਂ ਜਾਰੀ ਹਨ। ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਬਿਜਲੀ ਵਿਭਾਗ ਦੇ ਵੱਖ ਵੱਖ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਾਮੇ ਜਿਵੇਂਕਿ, ਥਰਮਲ ਪਲਾਂਟ, ਹਾਈਡਲ ਪ੍ਰਾਜੈਕਟ ਅਤੇ ਹੋਰ ਕਾਮਿਆਂ ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਿਉਂ ਕਰ ਰਹੀ ਹੈ। ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਸਟੋਰਾਂ ਵਿਚ ਕੰਮ ਕਰਨ ਵਾਲੇ ਕੱਚੇ ਕਾਮਿਆਂ ਨੂੰ ਵੀ ਜਲਦੀ ਤੋਂ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰੇ, ਨਹੀਂ ਤਾਂ ਜਥੇਬੰਦੀ ਅਤੇ ਤਾਲਮੇਲ ਕਮੇਟੀ ਦੇ ਆਦੇਸ਼ ਆਉਣ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ। ਇਸ ਸਮੇਂ ਆਸ਼ੂ ਗਰਗ, ਬਲਵਿੰਦਰ ਸਿੰਘ, ਜਗਸੀਰ ਸਿੰਘ, ਸੁਖਪ੍ਰੀਤ ਸਿੰਘ, ਜਗਤਾਰ ਸਿੰਘ, ਲਛਮਣ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ, ਜੋਗਾ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ।
ਆਊਟਲੈੱਟ ਸਟੋਰ ਭਗਤਾ ਭਾਈਕਾ ਦੇ ਕੱਚੇ ਕਾਮਿਆਂ ਵਲੋਂ ਨਾਅਰੇਬਾਜ਼ੀ
ਅਜੀਤ ਡੈਸਕ
15-07-2026