ਬਠਿੰਡਾ, 19 ਜੁਲਾਈ (ਅੰਮ੍ਰਿਤਪਾਲ ਸਿੰਘ ਵਲ•ਾਣ): 20 ਜੁਲਾਈ ਨੂੰ ਖੰਨਾ ਵਿਖੇ ਹੋਣ ਵਾਲੇ ਮਨਰੇਗਾ ਕਰਮਚਾਰੀਆਂ ਦੇ ਧਰਨੇ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਕਈ ਮਨਰੇਗਾ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿਚ ਲੈ ਲਿਆ। ਇਸ ਕਾਰਵਾਈ ਤੋਂ ਬਾਅਦ ਕਰਮਚਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵਿਚ ਰੋਸ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ (ਕੋਠੇ ਨਾਥਿਆਣਾ) ਅਤੇ ਪੰਜਾਬ ਜਥੇਬੰਦੀ ਦੇ ਸਰਪ੍ਰਸਤ ਵਰਿੰਦਰ ਸਿੰਘ ਬੀਬੀਵਾਲਾ ਨੰੂ ਪੁਲਿਸ ਨੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿਚ ਲਿਆ।ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪੁਲਿਸ ਥਾਣਾ ਕੈਂਟ ਪਹੁੰਚੇ ਅਤੇ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ ਅਤੇ ਆਗੂਆਂ ਨੂੰ ਰਿਹਾਅ ਕਰਨ ਤੋਂ ਇਨਕਾਰ ਕਰ ਦਿੱਤਾ।ਇਸ ਮੌਕੇ ਜਥੇਬੰਦੀ ਦੇ ਆਗੂ ਅਮਰੀਕ ਸਿੰਘ ਮਹਿਰਾਜ ਨੇ ਕਿਹਾ ਕਿ ਪੁਲਿਸ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ 20 ਜੁਲਾਈ ਨੂੰ ਖੰਨਾ ਵਿਖੇ ਹੋਣ ਵਾਲੇ ਧਰਨੇ ਵਿਚ ਮਨਰੇਗਾ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮਰਥਕ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ, ਹਰ ਸਾਥੀ ਵਰਿੰਦਰ ਸਿੰਘ ਬਣ ਕੇ ਅਤੇ ਹਰ ਕਰਮਚਾਰੀ ਜਥੇਬੰਦੀ ਦੇ ਪ੍ਰਧਾਨ ਵਾਂਗ ਜ਼ਿੰਮੇਵਾਰੀ ਨਿਭਾਉਂਦਿਆਂ ਖੰਨਾ ਧਰਨੇ ਵਿਚ ਪਹੁੰਚੇ, ਤਾਂ ਜੋ ਸਰਕਾਰ ਨੂੰ ਕਰਮਚਾਰੀਆਂ ਦੀ ਏਕਤਾ ਅਤੇ ਸੰਘਰਸ਼ ਦੀ ਤਾਕਤ ਦਾ ਅਹਿਸਾਸ ਹੋ ਸਕੇ।ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਜਾਰੀ ਕਰਨ, ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਦੇ ਹੱਲ ਲਈ ਸੰਘਰਸ਼ ਜਾਰੀ ਰਹੇਗਾ।
ਖੰਨਾ ਧਰਨੇ ਤੋਂ ਪਹਿਲਾਂ ਪੁਲਿਸ ਨੇ ਘਰਾਂ ਵਿਚੋਂ ਮਨਰੇਗਾ ਆਗੂ ਚੁੱਕੇ
ਅਜੀਤ ਡੈਸਕ
20-07-2026