ਮਹਿਮਾ ਸਰਜਾ, 20 ਜੁਲਾਈ (ਬਲਦੇਵ ਸੰਧੂ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਮਾ ਸਰਕਾਰੀ ਦੇ ਇਲਾਕੇ ਵਿਚ ਗਸ਼ਤ ਦੌਰਾਨ ਪੁਲਿਸ ਨੂੰ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਘੁੰਮਦਾ ਨਜ਼ਰ ਆਇਆ। ਪੁਲਿਸ ਵਲੋਂ ਰੋਕ ਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਗਮੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਮਹਿਮਾ ਸਰਜਾ ਵਜੋਂ ਹੋਈ ਹੈ। ਪੁਲਿਸ ਨੇ ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਕ ਹੋਰ ਨਸ਼ਾ ਤਸਕਰਾਂ ਤੋਂ ਪਿੰਡ ਲੱਖੀ ਜੰਗਲ ਨੇੜੇ ਕੀਤੀ ਗਈ ਚੈਕਿੰਗ ਦੌਰਾਨ 3.37 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਮਹਿਮਾ ਸਰਜਾ ਵਜੋਂ ਹੋਈ। ਪੁਲਿਸ ਨੇ ਜਿਸ ਨੂੰ ਵੀ ਗ੍ਰਿਫ਼ਤਾਰ ਕਰਕੇ ਐਨ ਡੀ ਪੀ ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਂਵਾਂ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫਤਾਰ
ਅਜੀਤ ਡੈਸਕ
21-07-2026