ਬਠਿੰਡਾ, 22 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਾਂਗਰਸ ਵਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਅਤੇ ਪੇਪਰ ਲੀਕ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਬਠਿੰਡਾ ’ਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਪਰੰਤ ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਅਤੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਵਾਲ ਉਠਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ਿਆਂ ਦੀ ਮੰਗ ਕੀਤੀ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ‘ਨੀਟ’ ਪੇਪਰ ਲੀਕ ਦੇ ਮਾਮਲੇ ਨੂੰ 70 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਨਹੀਂ ਲਿਆ ਗਿਆ, ਜਿਸ ਤੋਂ ਮੋਦੀ ਸਰਕਾਰ ਦੀ ਮਾੜੀ ਨੀਅਤ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਜਾਂ ਵਿਰੋਧੀ ਧਿਰਾਂ ਵਲੋਂ ਆਵਾਜ਼ ਉਠਾਈ ਜਾ ਰਹੀ ਹੈ ਤਾਂ ਉਸ ਨੂੰ ਦਿੱਲੀ ਪੁਲਿਸ ਵਲੋਂ ਲਾਠੀਚਾਰਜ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮਲਿਕਾ ਅਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਪੁਲਿਸ ਜੋ ਦੁਰਵਿਵਹਾਰ ਕੀਤਾ ਗਿਆ, ਉਹ ਨਿੰਦਣਯੋਗ ਹੈ। ਸਿੰਗਲਾ ਨੇ ਮੰਗ ਕੀਤੀ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮਾੜੀ ਕਾਰਗੁਜ਼ਾਰੀ ਲਈ ਜ਼ਿੰਮੇਵਾਰ ਅਤੇ ਦਿੱਲੀ ਪੁਲਿਸ ਦੇ ਮਾੜੇ ਰਵੱਈਏ ਲਈ ਮੁੱਖ ਜ਼ਿੰਮੇਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਿੰਗਲਾ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ 22 ਵਿਦਿਆਰਥੀਆਂ ਦੀ ਜਾਨ ਵੀ ਜਾ ਚੁੱਕੀ ਹੈ, ਸੈਂਕੜੇ ਵਿਦਿਆਰਥੀ ਜ਼ਖ਼ਮੀ ਵੀ ਹੋ ਚੁੱਕੇ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਇਸ ਪਾਸੇ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਨ ਗਰਗ, ਕੁਆਰਡੀਨੇਟਰ ਹਰਲੀਨ ਕੌਰ ਬਰਾੜ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਰੁਪਿੰਦਰ ਕੌਰ ਰੂਬੀ, ਕੇ.ਕੇ. ਅਗਰਵਾਲ, ਅਸ਼ੋਕ ਕੁਮਾਰ, ਮਾਸਟਰ ਹਰਿਮੰਦਰ ਸਿੰਘ, ਰੁਪਿੰਦਰ ਬਿੰਦਰਾ, ਬਲਵੰਤ ਰਾਏ ਨਾਥ, ਟਿੰਕੂ ਗਰੋਵਰ, ਸੰਜੀਵ ਕੁਮਾਰ ਭੁੱਚੋ, ਮਾਧਵ ਸ਼ਰਮਾ, ਕਿਰਨਜੀਤ ਸਿੰਘ ਗਹਿਰੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।