ਭੁੱਚੋ ਮੰਡੀ, 22 ਜੁਲਾਈ (ਬਿੱਕਰ ਸਿੰਘ ਸਿੱਧੂ)- ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿਰੁੱਧ ਦਿੱਤੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਅੰਦਰ ਸ਼ਾਮਿਲ ਜਥੇਬੰਦੀਆਂ ਵਲੋਂ ਲਹਿਰਾ ਬੇਗਾ ਟੋਲ ਪਲਾਜੇ ’ਤੇ ਧਰਨਾ ਦੇ ਕੇ 12 ਵਜੇ ਤੋਂ 3 ਵਜੇ ਤੱਕ ਟੋਲ ਮੁਕਤ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੂਟਾ ਬੁਰਜ ਗਿੱਲ, ਬਲਵਿੰਦਰ ਸਿੰਘ ਜੇਠੂਕੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ (ਹੀਰ ਕੇ) ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲੋ ਨੇ ਕਿਹਾ ਕਿ ਅਮਰੀਕਾ ਵਲੋਂ ਆਪਣੇ ਦੇਸ਼ ਦੇ ਸਰਮਾਏਦਾਰਾਂ ਦਾ ਭਾਰਤ ਦੀ ਖੇਤੀ ਅਤੇ ਸਾਰੇ ਕਾਰੋਬਾਰਾਂ ’ਤੇ ਕਬਜਾ ਕਰਵਾਉਣ ਦੀ ਨੀਤੀ ਅਨੁਸਾਰ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਸਾਰੇ ਲੋਕਾਂ ਦੇ ਕਾਰੋਬਾਰ ਖਤਰੇ ਵਿਚ ਪੈ ਜਾਣਗੇ। ਕਿਉਂਕਿ ਇਕੱਲਾ ਖੇਤੀ, ਖੇਤੀ ਨਾਲ ਜੁੜੇ ਧੰਦੇ ਹੀ ਨਹੀਂ ਚੌਪਟ ਹੋਣਗੇ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਵੀ ਵੱਧ ਖਤਰਨਾਕ ਇਸ ਦਾ ਮਨੁੱਖ ਅਤੇ ਜਾਨਵਰਾਂ ਦੀ ਸਿਹਤ ’ਤੇ ਪੈਣ ਵਾਲਾ ਪ੍ਰਭਾਵ ਹੈ। ਕਿਉਂਕਿ ਮਨੁੱਖਾਂ ਤੇ ਜਾਨਵਰਾਂ ਦੀ ਸਿਹਤ ਲਈ ਘਾਤਕ ਜੀ.ਐਮ. ਫਸਲਾਂ ਤੇ ਭਾਰਤ ਵਲੋਂ ਪਾਬੰਦੀ ਲੱਗੀ ਹੋਈ ਹੈ ਪ੍ਰੰਤੂ ਇਸ ਸਮਝੌਤੇ ਤਹਿਤ ਇਹ ਜੀ.ਐਮ.ਫਸਲਾਂ ਅਤੇ ਉਸ ਤੋਂ ਤਿਆਰ ਮਨੁੱਖਾਂ ਅਤੇ ਜਾਨਵਰਾਂ ਦੇ ਖਾਣ ਲਈ ਖਾਦ ਖੁਰਾਕ ਸ਼ਾਮਿਲ ਹੋਵੇਗੀ। ਕੇਂਦਰ ਦੀ ਮੋਦੀ ਸਰਕਾਰ ਵਲੋਂ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਕੀਤੇ ਜਬਰ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਜਬਰ ਖਿਲਾਫ਼ ਮਤੇ ਪਾਸ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਤੋਂ ਇਲਾਵਾ ਬੀ.ਕੇ.ਯੂ. ਏਕਤਾ ਉਗਰਾਹਾਂ ਤੋਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਬੀਕੇਯੂ ਡਕੌਂਦਾ ਧਨੇਰ ਤੋਂ ਗੁਰਨਾਮ ਸਿੰਘ ਬਾਹੀਆ, ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ, ਪੀ.ਐਸ.ਯੂ. ਸ਼ਹੀਦ ਰੰਧਾਵਾ ਤੋਂ ਬਿੰਦਰ ਬਠਿੰਡਾ, ਹਰਪ੍ਰੀਤ ਕੌਰ ਜੇਠੂਕੇ, ਜਗਦੇਵ ਸਿੰਘ ਲਹਿਰਾ ਮੁਹੱਬਤ, ਸੁਖਵਿੰਦਰ ਸਿੰਘ ਰਾਮਪੁਰਾ ਕਰਨੈਲ ਸਿੰਘ, ਹਰਜਿੰਦਰ ਸਿੰਘ ਬੱਗੀ, ਸੰਦੀਪ ਖਾਨ ਨੇ ਵੀ ਸੰਬੋਧਨ ਕੀਤਾ।