ਭਗਤਾ ਭਾਈਕਾ, 23 ਜੁਲਾਈ (ਸੁਖਪਾਲ ਸਿੰਘ ਸੋਨੀ): ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮੀਆਂ ’ਤੇ ਬੀਤੇ ਕੱਲ੍ਹ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸ਼ਹਿਰ ਦੇ ਸਫ਼ਾਈ ਕਰਮੀਆਂ ਵਲੋਂ ਮੁੱਖ ਚੌਂਕ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਧਰਨੇ ਦੌਰਾਲ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਅਵਤਾਰ ਸਿੰਘ ਤਾਰੀ ਭਗਤਾ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਕਰਮੀਆਂ ’ਤੇ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ ਅਤੇ ਕਿਸਾਨ ਜਥੇਬੰਦੀ ਹਰ ਸੰਘਰਸ਼ਸ਼ੀਲ ਵਰਗ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਸਰਕਾਰ ਤੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਫ਼ਾਈ ਕਰਮੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਕਰਮਜੀਤ ਸਿੰਘ ਜੇ.ਈ ਨੇ ਵੀ ਆਪਣੇ ਸਾਥੀਆਂ ਸਮੇਤ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਮਨਕਾਰੀ ਨੀਤੀ ਨਾ ਛੱਡੀ ਤਾਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆਂ। ਧਰਨੇ ਨੂੰ ਭਾਈ ਮੰਨਾ ਸਿੰਘ ਰੰਗਮੰਚ ਦੇ ਸੁਖਵਿੰਦਰ ਸਿੰਘ ਚੀਦਾ ਨੇ ਵੀ ਸੰਬੋਧਨ ਕੀਤਾ।ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਦੀਪ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਫ਼ਾਈ ਕਰਮੀ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਫ਼ਾਈ ਕਰਮੀਆਂ ਦੇ ਸਵੈ-ਮਾਣ ’ਤੇ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨ ਦੇ ਅੰਤ ਵਿਚ ਸਫ਼ਾਈ ਕਰਮੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਅਤੇ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਭਗਤਾ ਭਾਈ ਦੇ ਸਫ਼ਾਈ ਕਰਮੀਆਂ ਵਲੋਂ ਮੁੱਖ ਚੌਕ ’ਚ ਅਰਥੀ ਫੂਕ ਮੁਜ਼ਾਹਰਾ
ਅਜੀਤ ਡੈਸਕ
24-07-2026