ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਸੀ. ਦਫ਼ਤਰ ਬਠਿੰਡਾ, ਐੱਸ.ਡੀ.ਐੱਮ. ਦਫ਼ਤਰ, ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਲੈਰੀਕਲ ਕਾਮੇ ਅੱਜ ਮੁੜ ਕਲਮਛੋੜ ਹੜ੍ਹਤਾਲ ’ਤੇ ਚਲੇ ਗਏ ਹਨ ਅਤੇ ਉਨ੍ਹਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇਕੱਠੇ ਹੋ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ। ਕਲੈਰੀਕਲ ਕਾਮਿਆਂ ਦੀ ਹੜ੍ਹਤਾਲ ਕਾਰਨ ਸਮੂਹ ਦਫ਼ਤਰਾਂ ਦਾ ਸਾਰਾ ਕੰਮ ਕਾਜ ਠੱਪ ਹੋ ਗਿਆ ਅਤੇ ਹੜ੍ਹਤਾਲ ਦੇ ਚਲਦਿਆਂ ਜਾਤੀ ਸਰਟੀਫਿਕੇਟ, ਅਦਾਲਤੀ ਸੁਣਵਾਈਆਂ, ਰਜਿਸਟਰੀਆਂ, ਆਮਦਨ ਸਰਟੀਫਿਕੇਟ ਅਤੇ ਰਿਹਾਇਸ਼ੀ ਸਰਟੀਫਿਕੇਟ ਸਮੇਤ ਕਈ ਜ਼ਰੂਰੀ ਸੇਵਾਵਾਂ ਬੰਦ ਰਹੀਆਂ। ਜਿਸ ਕਾਰਨ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਏ ਲੋਕਾਂ ਨੂੰ ਘੰਟਿਆਂਬੱਧੀ ਉਡੀਕ ਕਰਨ ਤੋਂ ਬਾਅਦ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ।ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਬਠਿੰਡਾ ਦੇ ਪ੍ਰਧਾਨ ਹਰਦੇਵ ਸਿੰਘ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਪਿਛਲੇ ਸਾਢੇ 4 ਸਾਲ ਤੋਂ ਸਾਰੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਕਰਦੀ ਰਹੀ ਪਰ ਇਸਦਾ ਸਿੱਟਾ ਕੋਈ ਨਹੀਂ ਨਿਕਲਿਆ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਸੰਘਰਸ਼ ਦਾ ਰਾਹ ਅਪਣਾਉਣਾ ਪਿਆ। ਉਨ੍ਹਾਂ ਨੇ ਦੱਸਿਆ ਕਿ 8 ਜੁਲਾਈ 2026 ਨੂੰ ਸੂਬਾ ਕਮੇਟੀ ਦੀ ਮਾਲ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਕਮਿਸ਼ਨਰ ਮਾਲ, ਪੰਜਾਬ ਵੀ ਮੌਜੂਦ ਸਨ। ਇਸ ਤੋਂ ਬਾਅਦ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਲਈ ਵੀ ਭਰੋਸਾ ਦਿੱਤਾ ਗਿਆ ਸੀ, ਪਰ ਸਰਕਾਰ ਵਲੋਂ ਕੋਈ ਠੋਸ ਫ਼ੈਸਲਾ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿਚ ਮੁਲਾਜ਼ਮਾਂ ਨੇ 23 ਜੁਲਾਈ ਤੋਂ 26 ਜੁਲਾਈ ਤੱਕ ਡੀ.ਸੀ., ਐੱਸ.ਡੀ.ਐੱਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਵਿਚ ਕਲਮਛੋੜ ਹੜ੍ਹਤਾਲ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵਲੋਂ ਮੁੜ ਤੋਂ ਕਲਮਛੋੜ ਹੜਤਾਲ ਸ਼ੁਰੂ
ਅਜੀਤ ਡੈਸਕ
24-07-2026