ਮਹਿਰਾਜ, 24 ਜੁਲਾਈ (ਸੁਖਪਾਲ ਮਹਿਰਾਜ)–ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਰਟ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 11ਵੀਂ ਅਤੇ 12ਵੀਂ ਜਮਾਤ ਦੀਆਂ 110 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ। ਵਿਧਾਇਕ ਸਿੱਧੂ ਨੇ ਕਿਹਾ ਕਿ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ 10 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਅੰਤਰਰਾਜੀ ਵਿਦਿਅਕ ਟੂਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 2027 ਵਿਚ ਮੁੜ ਪੰਜਾਬ ਸਰਕਾਰ ਬਣਦੀ ਹੈ ਤਾਂ ਹੋਣਹਾਰ ਵਿਦਿਆਰਥੀਆਂ ਲਈ ਸਿੰਗਾਪੁਰ ਅਤੇ ਮਲੇਸ਼ੀਆ ਵਰਗੇ ਵਿਦੇਸ਼ੀ ਵਿਦਿਅਕ ਟੂਰ ਵੀ ਸ਼ੁਰੂ ਕੀਤੇ ਜਾਣਗੇ। ਪ੍ਰਿੰਸੀਪਲ ਗੀਤਾ ਅਰੋੜਾ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਕਾਰਨ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਹੋਰ ਬਿਹਤਰ ਬਣਿਆ ਹੈ ਅਤੇ ਵਿਦਿਆਰਥਣਾਂ ਨੂੰ ਨਵੀਆਂ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਸਮੂਹ ਸਟਾਫ਼ ਵਿਦਿਆਰਥਣਾਂ ਦੀ ਬਿਹਤਰ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਸਮਾਗਮ ਦਾ ਮੰਚ ਸੰਚਾਲਨ ਸੁਖਬੀਰ ਕੌਰ ਨੇ ਕੀਤਾ। ਇਸ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਰਣਯੋਤ ਸਿੰਘ, ਐਮ.ਸੀ. ਗੁਰਚਰਨ ਸਿੰਘ, ਲੱਖਾ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਹਰਚਰਨ ਸਿੰਘ, ਸੁਖਪਾਲ ਸਿੰਘ, ਹੈਪੀ ਮਹਿਲ, ਬੂਰਾ ਸਿੰਘ, ਜੱਸੀ ਸਿੰਘ, ਗਿੰਨੀ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।