ਬਠਿੰਡਾ, 28 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਅਹਿਮ ਫ਼ੈਸਲਾ ਲੈਂਦਿਆਂ ਜ਼ਿਲ੍ਹੇ ਦੇ 27 ਨਸ਼ਾ-ਪ੍ਰਭਾਵਿਤ ਹੌਟਸਪਾਟ ਖੇਤਰਾਂ ਵਿਚ ਖੇਡ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਇਲਾਕਿਆਂ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ।ਇਹ ਫ਼ੈਸਲਾ ਨੈਸ਼ਨਲ ਨਾਰਕੋਟਿਕਸ ਕੰਟਰੋਲ (ਐੱਨ-ਕਾਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕੀਤੀ। ਮੀਟਿੰਗ ਵਿਚ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਰਹੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਵਿਚ 27 ਅਜਿਹੇ ਖੇਤਰਾਂ ਦੀ ਪਹਿਚਾਣ ਕੀਤੀ ਗਈ ਹੈ, ਜਿੱਥੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਵੱਧ ਸਾਹਮਣੇ ਆਉਂਦੀਆਂ ਹਨ। ਇਨ੍ਹਾਂ ਇਲਾਕਿਆਂ ਵਿਚ ਖੇਡ ਸਮਾਗਮ ਕਰਵਾ ਕੇ ਨੌਜਵਾਨਾਂ ਨੂੰ ਸਕਾਰਾਤਮਿਕ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਐਸ.ਐਸ.ਪੀ. ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਪੁਲਿਸ ਅਤੇ ਖੇਡ ਵਿਭਾਗ ਆਪਸੀ ਤਾਲਮੇਲ ਨਾਲ ਇਹ ਮੁਕਾਬਲੇ ਕਰਵਾਉਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਮੁਹਿੰਮ ਨਾਲ ਜੁੜ ਸਕਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹੌਟਸਪਾਟ ਖੇਤਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਮੌਜੂਦ ਕੈਮਿਸਟ ਦੁਕਾਨਾਂ ਦੀ ਸੂਚੀ ਤਿਆਰ ਕਰਕੇ ਸਿਹਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਦੇ 30 ਸਿਖਲਾਈ ਕੇਂਦਰਾਂ ਨਾਲ ਕਰੀਬ 800 ਖਿਡਾਰੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 184 ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿੱਥੇ ਕੋਚਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ।ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ 27 ਖੇਤਰਾਂ ਦੇ ਨੌਜਵਾਨਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਕੋਚਿੰਗ ਕਲਾਸਾਂ ਚਲਾਈਆਂ ਜਾਣਗੀਆਂ ਅਤੇ ਪੁਲਿਸ, ਫ਼ੌਜ, ਰੇਲਵੇ ਸਮੇਤ ਹੋਰ ਸਰਕਾਰੀ ਭਰਤੀਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਣਕਾਰੀ ਬੋਰਡ ਵੀ ਲਗਾਏ ਜਾਣਗੇ। ਇਸ ਮੌਕੇ ਜਨਰਲ ਅਸਿਸਟੈਂਟ ਗੁਰਜਿੰਦਰ ਪਾਲ ਸਿੰਘ, ਜ਼ਿਲ੍ਹਾ ਅਟਾਰਨੀ ਦਲਜੀਤ, ਡੀਐੱਸਪੀ ਕਰਮਜੀਤ ਸਿੰਘ ਸੰਧਾਂਵਾਲੀਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।