ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)-ਪੰਜਾਬ ਵਿਚ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਅਤੇ ਕਥਿਤ ਟਰੈਵਲ ਏਜੰਟਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਥਾਣਾ ਸੰਗਤ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਪਤੀ-ਪਤਨੀ ਖ਼ਿਲਾਫ਼ ਇਟਲੀ ਭੇਜਣ ਦਾ ਝਾਂਸਾ ਦੇ ਕੇ ਇੱਕ ਪਰਿਵਾਰ ਨਾਲ 10 ਲੱਖ 40 ਹਜ਼ਾਰ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ।
ਸੰਗਤ ਮੰਡੀ, 4 ਅਗਸਤ (ਸੁਖਤੇਜ ਧਾਲੀਵਾਲ)-ਪੰਜਾਬ ਵਿਚ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਅਤੇ ਕਥਿਤ ਟਰੈਵਲ ਏਜੰਟਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲੇ ਵਿੱਚ ਥਾਣਾ ਸੰਗਤ ਪੁਲਿਸ ਨੇ ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਪਤੀ-ਪਤਨੀ ਖ਼ਿਲਾਫ਼ ਇਟਲੀ ਭੇਜਣ ਦਾ ਝਾਂਸਾ ਦੇ ਕੇ ਇੱਕ ਪਰਿਵਾਰ ਨਾਲ 10 ਲੱਖ 40 ਹਜ਼ਾਰ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪਿੰਡ ਕੋਟਗੁਰੂ ਦੇ ਵਸਨੀਕ ਮੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸ ਦੀ ਪਤਨੀ ਕਿਰਨਜੀਤ ਕੌਰ ਨੇ ਉਸ ਦੇ ਲੜਕੇ ਯਾਦਵਿੰਦਰ ਸਿੰਘ ਨੂੰ ਇਟਲੀ ਭੇਜਣ ਦਾ ਭਰੋਸਾ ਦਿੱਤਾ ਸੀ। ਸ਼ਿਕਾਇਤ ਮੁਤਾਬਿਕ ਦੋਵਾਂ ਦੋਸ਼ੀਆਂ ਨੇ ਆਪਣੇ ਆਪ ਨੂੰ ਵਿਦੇਸ਼ ਭੇਜਣ ਦੀ ਪ੍ਰਕਿਰਿਆ ਵਿਚ ਮਾਹਿਰ ਦੱਸਦਿਆਂ ਪਰਿਵਾਰ ਦਾ ਭਰੋਸਾ ਜਿੱਤ ਲਿਆ। ਉਨ੍ਹਾਂ ਨੇ ਵੀਜ਼ਾ, ਵਰਕ ਪਰਮਿਟ ਅਤੇ ਹੋਰ ਕਾਗ਼ਜ਼ੀ ਕਾਰਵਾਈ ਦੇ ਨਾਂ ’ਤੇ ਸਮੇਂ-ਸਮੇਂ ’ਤੇ ਵੱਡੀ ਰਕਮ ਦੀ ਮੰਗ ਕੀਤੀ। ਵਿਦੇਸ਼ ਵਿਚ ਰੁਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਦਿਖਾ ਕੇ ਉਨ੍ਹਾਂ ਨੇ ਕੁੱਲ 10 ਲੱਖ 40 ਹਜ਼ਾਰ ਰੁਪਏ ਹਾਸਿਲ ਕਰ ਲਏ। ਪੀੜਤ ਨੇ ਦੋਸ਼ ਲਗਾਇਆ ਕਿ ਪੈਸੇ ਲੈਣ ਤੋਂ ਬਾਅਦ ਵੀ ਨਾ ਤਾਂ ਉਸ ਦੇ ਲੜਕੇ ਨੂੰ ਇਟਲੀ ਭੇਜਿਆ ਗਿਆ ਅਤੇ ਨਾ ਹੀ ਦਿੱਤੀ ਗਈ ਰਕਮ ਵਾਪਸ ਕੀਤੀ ਗਈ। ਜਦੋਂ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਦੋਸ਼ੀ ਟਾਲਮਟੋਲ ਕਰਨ ਲੱਗੇ ਅਤੇ ਬਾਅਦ ਵਿੱਚ ਸੰਪਰਕ ਵੀ ਘੱਟ ਕਰ ਦਿੱਤਾ। ਇਸ ਤੋਂ ਬਾਅਦ ਆਪਣੇ ਨਾਲ ਹੋਈ ਕਥਿਤ ਠੱਗੀ ਦਾ ਅਹਿਸਾਸ ਹੋਣ ’ਤੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ। ਪੁਲਿਸ ਵਲੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਕਿਰਨਜੀਤ ਕੌਰ ਵਿਰੁੱਧ ਧੋਖਾਧੜੀ ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਇਸ ਸਮੇਂ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਜਾਂਚ ਦੌਰਾਨ ਹੋਰ ਪੀੜਤ ਜਾਂ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਿਲ ਕੀਤਾ ਜਾਵੇਗਾ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਜਾਣ ਲਈ ਕਿਸੇ ਵੀ ਵਿਅਕਤੀ ਜਾਂ ਏਜੰਟ ਨੂੰ ਲੱਖਾਂ ਰੁਪਏ ਦੇਣ ਤੋਂ ਪਹਿਲਾਂ ਉਸ ਦਾ ਲਾਇਸੈਂਸ, ਰਜਿਸਟਰੇਸ਼ਨ ਅਤੇ ਕਾਨੂੰਨੀ ਪ੍ਰਮਾਣਿਕਤਾ ਦੀ ਪੂਰੀ ਜਾਂਚ ਜ਼ਰੂਰ ਕਰਨ। ਬਿਨਾਂ ਪੁਸ਼ਟੀ ਕੀਤੇ ਕਿਸੇ ਦੇ ਝਾਂਸੇ ਵਿੱਚ ਆ ਕੇ ਰਕਮ ਦੇਣ ਨਾਲ ਵੱਡਾ ਆਰਥਿਕ ਨੁਕਸਾਨ ਹੋ ਸਕਦਾ ਹੈ। ਜੇ ਕਿਸੇ ਨਾਲ ਇਸ ਤਰ੍ਹਾਂ ਦੀ ਧੋਖਾਧੜੀ ਹੁੰਦੀ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਉਣੀ ਚਾਹੀਦੀ ਹੈ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਮੇਂ ਸਿਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।