ਪੀ. ਐੱਸ. ਯੂ. (ਸ਼ਹੀਦ ਰੰਧਾਵਾ) ਵਲੋਂ ਕਾਲਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਖੁੱਡੀਆਂ ਨੂੰ ਸੌਂਪਿਆ ਮੰਗ-ਪੱਤਰ
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਯੂਨੀਵਰਸਿਟੀ ਕਾਲਜ ਘੁੱਦਾ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ ਹਿਤਾਂ ਦੇ ਉਲਟ ਕੰਮ ਕਰ ਰਹੀ ਹੈ।
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਯੂਨੀਵਰਸਿਟੀ ਕਾਲਜ ਘੁੱਦਾ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ ਹਿਤਾਂ ਦੇ ਉਲਟ ਕੰਮ ਕਰ ਰਹੀ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਿੱਜੀ ਡਿਜੀਟਲ ਯੂਨੀਵਰਸਿਟੀਆਂ ਖੋਲ੍ਹਣ ਦਾ ਬਿੱਲ ਪਾਸ ਕੀਤਾ ਗਿਆ ਹੈ। ਫ਼ੀਸਾਂ ਵਿਚ ਵਾਧਾ ਕੀਤਾ ਗਿਆ ਹੈ , ਜਿਸ ਵਿਰੁੱਧ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਦਾ ਸੰਘਰਸ਼ ਚੱਲ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਪੰਜਾਬ ਸਰਕਾਰ ਵਲੋਂ ਲਗਾਤਾਰ ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਘਾਟੇ ਕਾਰਨ ਕਾਂਸਟੀਚੂਐਂਟ ਕਾਲਜਾਂ ਨੂੰ ਬਣਦੀ ਸਾਲਾਨਾ ਗ੍ਰਾਂਟ ਜਾਰੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਤੱਕ ਨਹੀਂ ਮਿਲ ਰਹੀਆਂ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪਹਿਲਾਂ ਵੀ ਕਾਲਜ ਦੀ ਮਾੜੀ ਹਾਲਤ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਸੀ ਪਰ ਉਨ੍ਹਾਂ ਵਲੋਂ ਮੰਗਾਂ ਦਾ ਕੋਈ ਵਾਜਬ ਹੱਲ ਨਹੀਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ ਸਿੰਘ, ਅਸੀਮ, ਸਾਹਿਲ, ਸੱਜਣ ਆਦਿ ਮੌਜੂਦ ਸਨ।