ਐੱਨ.ਐੱਚ.ਐੱਮ. ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 2 ਸਤੰਬਰ ਤੱਕ ਵਧੀ ਸਿਹਤ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਅੱਗੇ ਵਧਾਉਣ ਤੋਂ ਖ਼ਫ਼ਾ ਯੂਨੀਅਨ ਦੁਆਰਾ ਅੱਜ ਸ਼ਹਿਰ ’ ਚ ਰੋਸ ਮਾਰਚ
ਬਠਿੰਡਾ, 25 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਐੱਨ. ਐੱਚ.
ਬਠਿੰਡਾ, 25 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਚੱਲ ਰਹੀ ਪੂਰਨ ਕਲਮ ਛੋੜ ਹੜਤਾਲ ਨੂੰ ਹੁਣ 2 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਮੁਤਾਬਿਕ ਵਿਭਾਗ ਵਲੋਂ 28 ਅਗਸਤ ਨੂੰ ਸਿਹਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੀ ਤਾਰੀਕ ਬਦਲ ਕੇ 2 ਸਤੰਬਰ ਕਰ ਦਿੱਤੇ ਜਾਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਯੂਨੀਅਨ ਦੇ ਆਗੂ ਡਾ. ਧੀਰਜ ਜਿੰਦਰ, ਚਮਕੌਰ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀਆ ਕਈ ਮੰਗਾਂ ਹਨ, ਜੋਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆ ਹਨ, ਪਰ ਸਿਹਤ ਮੰਤਰੀ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡੀ.ਸੀ. ਦਫ਼ਤਰ ਬਠਿੰਡਾ ਵਿਖੇ ਐਸ.ਡੀ.ਐਮ. ਬਠਿੰਡਾ ਅਮਨਦੀਪ ਸਿੰਘ ਮਾਵੀ ਨੂੰ ਸੌਂਪਿਆ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਮੰਗ ਪੱਤਰ ਨੂੰ ਯੋਗ ਪ੍ਰਣਾਲੀ ਰਾਹੀਂ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਐਨ.ਐਚ.ਐਮ. ਪੰਜਾਬ ਦੇ ਕਰਮਚਾਰੀ 13 ਅਗਸਤ 2026 ਤੋਂ ਕੰਮ ਬੰਦ ਕਰਕੇ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਕਰਮਚਾਰੀਆਂ ਵਿਚ ਰੋਸ ਲਗਾਤਾਰ ਵੱਧ ਰਿਹਾ ਹੈ। ਆਗੂਆਂ ਨੇ ਕਿਹਾ ਕਿ 26 ਅਗਸਤ ਸਿਵਲ ਸਰਜਨ ਬਠਿੰਡਾ ਦਫ਼ਤਰ ਤੋਂ ਬੱਸ ਅੱਡਾ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਤੋਂ ਬਾਅਦ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੜਤਾਲ ਨੂੰ ਅਣਮਿਥੇ ਸਮੇਂ ਲਈ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਅਨ ਵਲੋਂ 27 ਅਗਸਤ ਨੂੰ ਪੰਜਾਬ ਵਿਚ ਹੋਣ ਵਾਲੇ ਮਹਾਂਬੰਦ ’ਚ ਵੀ ਭਾਗ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾ. ਧੀਰਜ ਜਿੰਦਰ, ਅਵਨੀਸ਼ ਕੁਮਾਰ, ਕ੍ਰਿਸ਼ਨ ਕੁਮਾਰ, ਚਮਕੌਰ ਸਿੰਘ, ਹਰਦੀਪ ਚੰਦ, ਅਨੀਤਾ ਰਾਣੀ, ਕੈਲਾਸ਼ ਬਾਬੂ ਅਤੇ ਦੀਪ ਗਰਗ ਸਮੇਤ ਯੂਨੀਅਨ ਦੇ ਹੋਰ ਆਗੂ ਅਤੇ ਕਰਮਚਾਰੀ ਹਾਜ਼ਰ ਸਨ।