ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ 31 ਨੂੰ ਪਟਿਆਲਾ ’ ਚ ਸਿਹਤ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾਉਣ ਦਾ ਐਲਾਨ
ਬਠਿੰਡਾ, 28 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸਿਵਲ ਹਸਪਤਾਲ ਬਠਿੰਡਾ ਵਿਖੇ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਕਨਵੀਨਰ ਮਨੀਸ਼ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦਾ ਸਿਵਲ ਹਸਪਤਾਲ ’ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।
ਬਠਿੰਡਾ, 28 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸਿਵਲ ਹਸਪਤਾਲ ਬਠਿੰਡਾ ਵਿਖੇ ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਕਨਵੀਨਰ ਮਨੀਸ਼ ਕੁਮਾਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦਾ ਸਿਵਲ ਹਸਪਤਾਲ ’ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਨਰਸਿੰਗ ਐਸੋਸੀਏਸ਼ਨ ਦੀ ਪ੍ਰਧਾਨ ਪਰਮਜੀਤ ਕੌਰ ਸਿੱਧੂ ਅਤੇ ਮਨਿਸਟੀਰੀਅਲ ਯੂਨੀਅਨ ਦੇ ਪ੍ਰਧਾਨ ਅਮਿਤ ਟਾਂਕ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਮੀਟਿੰਗਾਂ ਕਰਨ ਦੇ ਵਾਰ-ਵਾਰ ਦਿੱਤੇ ਭਰੋਸਿਆਂ ਦੇ ਬਾਵਜੂਦ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀਏ ਤੁਰੰਤ ਜਾਰੀ ਕੀਤਾ ਜਾਵੇ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਪੇਂਡੂ ਭੱਤੇ, ਬਾਰਡਰ ਭੱਤੇ ਸਮੇਤ ਕੱਟੇ ਗਏ 37 ਤਰਾਂ ਦੇ ਭੱਤੇ ਮੁੜ ਬਹਾਲ ਕੀਤੇ ਜਾਣ। ਇਸ ਤੋਂ ਇਲਾਵਾ ਪੈਨਸ਼ਨਰਾਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਦਾ 2.59 ਗੁਣਕ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਲੰਬੇ ਸਮੇਂ ਤੋਂ ਲਟਕਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਆਊਟਸੋਰਸ ਕਾਮਿਆਂ ਵਲੋਂ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਧਰਨੇ ਵਿਚ ਵੱਖ-ਵੱਖ ਜਥੇਬੰਦੀਆਂ ਦੁਆਰਾ ਆਊਟਸੋਰਸ ਕਾਮਿਆਂ ਦੇ ਸਮਰਥਨ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਰੇਡੀਓਗ੍ਰਾਫਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ, ਬਲਵੰਤ ਸਿੰਘ, ਰਾਹੁਲ ਸ਼ਰਮਾ, ਮਹਿੰਦਰ ਸਚਦੇਵਾ, ਹਰਜੀਤ ਸਿੰਘ, ਨਵੀ ਸਿੰਘ, ਰਮਨਪ੍ਰੀਤ ਕੌਰ, ਹਿੰਮਤ ਕੌਰ, ਮੁਕੋ ਕੌਰ, ਰੁਕਸਾਨਾ, ਕਰਮਜੀਤ ਕੌਰ, ਸੁਖਪਾਲ ਕੌਰ, ਪਰਮਜੀਤ ਸਿੰਘ, ਵਰਿੰਦਰ ਸਿੰਘ, ਜਸਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਸ਼ਿਵਪਾਲ ਸਿੰਘ, ਦਲਜੀਤ ਸਿੰਘ, ਰਾਜਦੀਪ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।