ਠੇਕਾ ਆਧਾਰਿਤ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਸੰਗਤ ਮੰਡੀ, 15 ਸਤੰਬਰ (ਅੰਮ੍ਰਿਤ ਸ਼ਰਮਾ)- ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਠੇਕਾ ਆਧਾਰਿਤ ਅਧਿਆਪਕਾਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਆਧਾਰਿਤ ਅਧਿਆਪਕਾਂ ਨੇ ਵੱਡੀ ਗਿਣਤੀ ਵਿਦਿਆਰਥੀਆਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਦੇ ਹੱਕ ਵਿਚ ਸੁਣਾਏ ਗਏ ਫ਼ੈਸਲਿਆਂ ਨੂੰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਜੇ ਤੱਕ ਅਮਲੀ ਰੂਪ ਨਹੀਂ ਦਿੱਤਾ।
ਸੰਗਤ ਮੰਡੀ, 15 ਸਤੰਬਰ (ਅੰਮ੍ਰਿਤ ਸ਼ਰਮਾ)- ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਠੇਕਾ ਆਧਾਰਿਤ ਅਧਿਆਪਕਾਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਆਧਾਰਿਤ ਅਧਿਆਪਕਾਂ ਨੇ ਵੱਡੀ ਗਿਣਤੀ ਵਿਦਿਆਰਥੀਆਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਦੇ ਹੱਕ ਵਿਚ ਸੁਣਾਏ ਗਏ ਫ਼ੈਸਲਿਆਂ ਨੂੰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਜੇ ਤੱਕ ਅਮਲੀ ਰੂਪ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਈ ਸਹਾਇਕ ਪ੍ਰੋਫੈਸਰ ਪਿਛਲੇ 14 ਤੋਂ 21 ਸਾਲਾਂ ਤੋਂ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਇਸ ਦੇ ਬਾਵਜੂਦ ਉਨ੍ਹਾਂ ਦੇ ਹੱਕਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਲੋੜੀਂਦੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ ਅਤੇ ਲੰਮੇ ਸਮੇਂ ਤੋਂ ਅਧਿਆਪਨ ਤੇ ਹੋਰ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਹੱਕਾਂ ਲਈ ਉਨ੍ਹਾਂ ਨੂੰ ਅਦਾਲਤ ਦਾ ਰੁਖ ਕਰਨਾ ਪਿਆ ਅਤੇ ਹਾਈਕੋਰਟ ਵਲੋਂ ਉਨ੍ਹਾਂ ਦੇ ਹੱਕ ਵਿਚ ਫ਼ੈਸਲੇ ਆਉਣ ਦੇ ਬਾਵਜੂਦ ਯੂਨੀਵਰਸਿਟੀ ਵਲੋਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਅਧਿਆਪਕਾਂ ਵਲੋਂ 18 ਅਗਸਤ ਤੋਂ ਪੰਜਾਬੀ ਯੂਨੀਵਰਸਿਟੀ ਅਤੇ ਵੱਖ-ਵੱਖ ਕਾਲਜਾਂ ਅਤੇ ਕੈਂਪਸ ਵਿਚ ਧਰਨੇ ਦਿੱਤੇ ਜਾ ਰਹੇ ਹਨ, ਜਿਸ ਤਹਿਤ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਜਤਾਇਆ ਗਿਆ ਹੈ। ਇਸ ਮੌਕੇ ਪ੍ਰੋ. ਦਵਿੰਦਰ ਕੌਰ, ਪ੍ਰੋ. ਗਗਨਜੋਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬਲਵਿੰਦਰ ਸਿੰਘ ਅਤੇ ਪ੍ਰੋ. ਮਨੀਸ਼ ਗੋਇਲ ਆਦਿ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪ੍ਰਵਾਨ ਕਰਦਿਆਂ ਹਾਈਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।