ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ’ਤੇ ਵਿੱਢਾਂਗੇ ਤਿੱਖਾ ਸੰਘਰਸ਼-ਡਾ. ਬਰਾੜ, ਬੁਰਜ ਡੱਲਾ
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ.) ਜ਼ਿਲ੍ਹਾ ਬਠਿੰਡਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਪ੍ਰਧਾਨ ਡਾਕਟਰ ਮੇਵਾ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ।
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ.) ਜ਼ਿਲ੍ਹਾ ਬਠਿੰਡਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਪ੍ਰਧਾਨ ਡਾਕਟਰ ਮੇਵਾ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਵਾਈਸ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੀ ਸ਼ੁਰੂਆਤ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਸਟੇਜ ਦੀ ਕਾਰਵਾਈ ਚਲਾਉਂਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਰਜਿਸਟ੍ਰੇਸ਼ਨ ਸਬੰਧੀ ਪਹਿਲਾਂ ਦਿੱਤੇ ਭਰੋਸਿਆਂ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਉਨ੍ਹਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਡਾਕਟਰ ਮੇਵਾ ਸਿੰਘ ਬਰਾੜ ਅਤੇ ਡਾਕਟਰ ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਕਿਹਾ ਕਿ ਜਥੇਬੰਦੀ ਦੀ ਤਾਕਤ ਏਕਤਾ ਅਤੇ ਅਨੁਸ਼ਾਸਨ ਵਿਚ ਹੈ। ਉਨ੍ਹਾਂ ਮੈਂਬਰਾਂ ਨੂੰ ਆਪਣੀ ਪ੍ਰੈਕਟਿਸ ਦੌਰਾਨ ਨੈਤਿਕਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਮਰੀਜ਼ਾਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ।ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਵਿਚ ਸੂਬਾ ਪੱਧਰੀ ਵਿਸ਼ਾਲ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਡਾਕਟਰ ਬੂਟਾ ਸਿੰਘ ਸਿਵੀਆਂ, ਸਲਾਹਕਾਰ ਡਾਕਟਰ ਜਗਤਾਰ ਸਿੰਘ ਫੂਲ, ਮੀਤ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਲੱਕੀ, ਸਹਾਇਕ ਸਕੱਤਰ ਡਾਕਟਰ ਸੁਖਦਰਸ਼ਨ ਸਿੰਘ, ਡਾਕਟਰ ਹਰਦੀਪ ਸਿੰਘ ਕੋਟਲੀ, ਬਲਾਕ ਭੁੱਚੋ ਮੰਡੀ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਸੰਧੂ, ਬਠਿੰਡਾ-2 ਦੇ ਪ੍ਰਧਾਨ ਡਾਕਟਰ ਰੇਸ਼ਮ ਸਿੰਘ ਸੰਧੂ, ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ, ਤਲਵੰਡੀ ਸਾਬੋ ਦੇ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਅਤੇ ਨਥਾਣਾ ਦੇ ਪ੍ਰਧਾਨ ਡਾਕਟਰ ਹਰਜੀਤ ਸਿੰਘ ਪੂਹਲਾ ਸਮੇਤ ਹੋਰ ਆਗੂ ਤੇ ਮੈਂਬਰ ਹਾਜ਼ਰ ਸਨ।