ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਿਆ ਰੁਜ਼ਗਾਰ ਦਾ ਤੋਹਫ਼ਾ, ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੌਂਪੇ 52 ਨਿਯੁਕਤੀ ਪੱਤਰ
ਰਾਮਪੁਰਾ ਫੂਲ, 12 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਅਤੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਸੁਚਾਰੂ ਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪੰਜਾਬ ਪੈਲੇਸ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 9 ਆਂਗਣਵਾੜੀ ਵਰਕਰਾਂ ਅਤੇ 43 ਆਂਗਣਵਾੜੀ ਹੈਲਪਰਾਂ ਸਮੇਤ ਕੁੱਲ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਰਾਮਪੁਰਾ ਫੂਲ, 12 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਅਤੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਸੁਚਾਰੂ ਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪੰਜਾਬ ਪੈਲੇਸ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 9 ਆਂਗਣਵਾੜੀ ਵਰਕਰਾਂ ਅਤੇ 43 ਆਂਗਣਵਾੜੀ ਹੈਲਪਰਾਂ ਸਮੇਤ ਕੁੱਲ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਇਹ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਪਣੇ ਕਾਰਜ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 16 ਲੱਖ 60 ਹਜ਼ਾਰ 275 ਰੁਪਏ ਦੀ ਇੰਨਸੈਂਟਿਵ ਰਾਸ਼ੀ ਵੰਡੀ ਗਈ। ਇਸ ਦੇ ਨਾਲ ਹੀ ਆਂਗਣਵਾੜੀ ਵਿਭਾਗ ਦੀਆਂ ਵਰਕਰਾਂ, ਸੁਪਰਵਾਈਜ਼ਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਕਾਰਗੁਜ਼ਾਰੀ ਦੇ ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਵੀ ਭੇਂਟ ਕੀਤੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਿਯੁਕਤੀ ਪੱਤਰ ਮਿਲਣਾ ਜਿੱਥੇ ਉਨ੍ਹਾਂ ਲਈ ਰੁਜ਼ਗਾਰ ਦਾ ਨਵਾਂ ਮੌਕਾ ਹੈ, ਉੱਥੇ ਹੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਅਹਿਮ ਪੜਾਅ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਮਾਜ ਦੀ ਮੁੱਢਲੀ ਇਕਾਈ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ, ਸਿਹਤ ਸੰਭਾਲ ਅਤੇ ਮਹਿਲਾਵਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਵਿਚ ਇਨ੍ਹਾਂ ਦੀਆਂ ਸੇਵਾਵਾਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਆਂਗਣਵਾੜੀ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਆਂਗਣਵਾੜੀ ਵਿਭਾਗ ਦੇ ਅਧਿਕਾਰੀ, ਸੁਪਰਵਾਈਜ਼ਰ, ਵਰਕਰਾਂ , ਹੈਲਪਰਾਂ ਅਤੇ ਹੋਰ ਪਤਵੰਤੇ ਹਾਜ਼ਰ ਸਨ।