ਰਾਜ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਬਠਿੰਡਾ ਦੀਆਂ ਧੀਆਂ ਨੇ ਮਾਰੀ ਬਾਜ਼ੀ
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਬਠਿੰਡਾ ਜ਼ਿਲ੍ਹੇ ਦੀਆਂ ਲੜਕੀਆਂ ਦੀ ਸ਼ਤਰੰਜ ਟੀਮ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਜਿੱਤ ਨਾਲ ਖਿਡਾਰਨਾਂ ਨੇ ਜਿੱਥੇ ਆਪਣੇ ਸਕੂਲਾਂ ਅਤੇ ਮਾਪਿਆਂ ਦਾ ਮਾਣ ਵਧਾਇਆ, ਉੱਥੇ ਹੀ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਬਠਿੰਡਾ ਜ਼ਿਲ੍ਹੇ ਦੀਆਂ ਲੜਕੀਆਂ ਦੀ ਸ਼ਤਰੰਜ ਟੀਮ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਜਿੱਤ ਨਾਲ ਖਿਡਾਰਨਾਂ ਨੇ ਜਿੱਥੇ ਆਪਣੇ ਸਕੂਲਾਂ ਅਤੇ ਮਾਪਿਆਂ ਦਾ ਮਾਣ ਵਧਾਇਆ, ਉੱਥੇ ਹੀ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਜੇਤੂ ਟੀਮ ਵਿਚ ਸ਼ਾਮਿਲ ਸ਼ਾਲਮਲੀ ਗਰਗ, ਮਹਿਰੀਨ ਕੌਰ, ਨਾਇਰਾ ਬਾਂਸਲ, ਅਨੁਪ੍ਰੀਤ ਕੌਰ ਅਤੇ ਅਨਾਇਤ ਗਰੋਵਰ ਨੇ ਪੂਰੇ ਮੁਕਾਬਲੇ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੀਵ ਕੁਮਾਰ ਛਾਬੜਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਫ਼ਲਤਾ ਪਿੱਛੇ ਬੱਚੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਟੀਮ ਇੰਚਾਰਜ ਗੁਰਪ੍ਰੀਤ ਸਿੰਘ ਈ.ਟੀ.ਟੀ. ਅਧਿਆਪਕ ਅਤੇ ਟੀਮ ਮੈਨੇਜਰ ਗੁਰਜੀਤ ਸਿੰਘ, ਦੋਵੇਂ ਸਰਕਾਰੀ ਪ੍ਰਾਇਮਰੀ ਸਕੂਲ ਕੁੱਤੀਵਾਲ ਕਲਾਂ, ਮੈਡਮ ਕੁਲਵੀਰ ਕੌਰ, ਸਮੂਹ ਕੋਚਾਂ, ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵੀਰ ਸਿੰਘ ਬੇਗਾ ਨੇ ਕਿਹਾ ਕਿ ਸ਼ਤਰੰਜ ਵਰਗੀ ਦਿਮਾਗ਼ੀ ਖੇਡ ਵਿਚ ਸੂਬਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨਾ ਬਠਿੰਡਾ ਲਈ ਮਾਣ ਵਾਲੀ ਗੱਲ ਹੈ। ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਵਲੋਂ ਉੱਭਰਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਇਸ ਮੌਕੇ ਜ਼ਿਲ੍ਹਾ ਖੇਡ ਇੰਚਾਰਜ ਗੁਰਪ੍ਰੀਤ ਸਿੰਘ ਬਰਾੜ ਨੇ ਵੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਠਿੰਡਾ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।