ਪੀ.ਸੀ.ਐੱਸ ਭਰਤੀ ਵਿਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਬਠਿੰਡਾ ਵਲੋਂ ਫੂਲ ਵਿਖੇ ਰੋਸ ਪ੍ਰਦਰਸ਼ਨ, ਸੀ.ਬੀ.ਆਈ ਜਾਂਚ ਦੀ ਮੰਗ
ਰਾਮਪੁਰਾ ਫੂਲ, 17 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਪੰਜਾਬ ਪੀ. ਸੀ.
ਰਾਮਪੁਰਾ ਫੂਲ, 17 ਨਵੰਬਰ (ਹੇਮੰਤ ਕੁਮਾਰ ਸ਼ਰਮਾ) : ਪੰਜਾਬ ਪੀ.ਸੀ.ਐੱਸ ਮੇਨਜ਼ ਪ੍ਰੀਖਿਆ-2025 ਦੀ ਭਰਤੀ ਪ੍ਰਕਿਰਿਆ ਵਿਚ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਫੂਲ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਜੱਸ, ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਉਪ ਪ੍ਰਧਾਨ ਗੁਰਤੇਜ ਸਿੰਘ ਰਾਣਾ ਅਤੇ ਜ਼ਿਲ੍ਹਾ ਬਠਿੰਡਾ ਦੇ ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਭਰਤ ਭੂਸ਼ਣ ਜੈਨ ਸਮੇਤ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਬਠਿੰਡਾ ਦੀ ਟੀਮ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਯੁਵਾ ਮੋਰਚਾ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ ਅਤੇ ਸਰਕਾਰ ਤੋਂ ਇਸ ਮਾਮਲੇ ਵਿਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ। ਇਸ ਉਪਰੰਤ ਐੱਸ.ਡੀ.ਐੱਮ. ਫੂਲ ਦੀ ਗ਼ੈਰਹਾਜ਼ਰੀ ਕਾਰਨ ਤਹਿਸੀਲਦਾਰ ਫੂਲ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਇਸ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ। ਯੁਵਾ ਮੋਰਚਾ ਵਲੋਂ ਮੰਗ ਕੀਤੀ ਗਈ ਕਿ ਮੇਨਜ਼ ਪ੍ਰੀਖਿਆ-2025 ਦੇ ਨਤੀਜਿਆਂ ਅਤੇ ਸਮੁੱਚੀ ਭਰਤੀ ਪ੍ਰਕਿਰਿਆ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਜੱਸਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਉਪ ਪ੍ਰਧਾਨ ਗੁਰਤੇਜ ਸਿੰਘ ਰਾਣਾ, ਜ਼ਿਲ੍ਹਾ ਬਠਿੰਡਾ ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਭਰਤ ਭੂਸ਼ਣ ਜੈਨ, ਮੰਡਲ ਪ੍ਰਧਾਨ ਸੁਖਵੰਤ ਸਿੰਘ ਮਹਿਰਾਜ ਅਤੇ ਸਮੂਹ ਵਰਕਰਾਂ ਨੇ ਹਾਜ਼ਰ ਸਨ।