ਬਠਿੰਡਾ, 3 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਡਿਸਟਰੀਬਿਊਟਰਾਂ ਤੇ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਯੂਰੀਆ ਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸ਼ਚਿਤ ਦਰ ਤੋਂ ਵੱਧ ਕੀਮਤਾਂ 'ਤੇ ਵਿਕਰੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ ਸਰਕਾਰੀ ਰੇਟਾਂ 'ਤੇ ਹੀ ਖਾਦ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ | ਡਿਪਟੀ ਕਮਿਸ਼ਨਰ ਨੇ ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਮਿਲਣ 'ਤੇ ਸੰਬੰਧਤ ਡੀਲਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਦੀ ਵਿਕਰੀ ਅਤੇ ਸਟਾਕ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਕੋਈ ਵੀ ਡੀਲਰ ਜਾਂ ਡਿਸਟਰੀਬਿਊਟਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਤਾਂ ਜੋ ਖਾਦਾਂ ਦੀ ਨਿਰਵਿਘਨ ਤੇ ਪਾਰਦਰਸ਼ੀ ਸਪਲਾਈ ਯਕੀਨੀ ਬਣਾਈ ਜਾ ਸਕੇ | ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਸੰਗਤ ਵਿਖੇ ਪਿੰਡਾਂ ਵਿਚ ਕੀਟਨਾਸ਼ਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਤਰ੍ਹਾਂ ਪਿੰਡ ਮੱਲਾਵਾਲਾ ਵਿਖੇ ਕੀਟਨਾਸ਼ਕ ਡੀਲਰਾਂ ਦੀ ਵੀ ਚੈਕਿੰਗ ਕੀਤੀ ਗਈ ਹੈ ਤੇ ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦੀ ਗ਼ੈਰ ਸਿਫਾਰਸ਼ ਕੀਟਨਾਸ਼ਕ ਨਹੀਂ ਪਾਈਾ ਗਈ | ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ |