ਤਲਵੰਡੀ ਸਾਬੋ, 3 ਫਰਵਰੀ (ਗਰਗ): ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਨਹੀਂ ਕੀਤਾ ਹੈ ਅਤੇ ਪੰਜਾਬ ਨਾਲ ਫਿਰ ਕੇਂਦਰ ਸਰਕਾਰ ਵਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਪੈੱ੍ਰਸ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਬਜਟ ਕੋਈ ਆਮ ਲੋਕ ਪੱਖੀ ਨਹੀਂ ਹੈ ਤੇ ਕੇਂਦਰੀ ਬਜਟ ਇੱਕ ਵਾਰ ਫਿਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਿਚ ਅਸਫਲ ਰਿਹਾ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਘੱਟੋ-ਘੱਟ ਸਮੱਰਥਨ ਮੁੱਲ ਦੀ ਕੋਈ ਗਾਰੰਟੀ ਨਹੀਂ ਹੈ ਤੇ ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਹੈ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਜੋ ਵਸਤੂਆਂ ਦੇ ਰੇਟ ਸਨ, ਉਹ ਹੁਣ ਕੇਂਦਰ ਅੰਦਰ ਭਾਜਪਾ ਦੀ ਸਰਕਾਰ ਸਮੇਂ ਬਹੁਤ ਵਧ ਚੁੱਕੇ ਹਨ ਤੇ ਗਰੀਬ ਵਰਗ ਮਹਿੰਗਾਈ ਦੀ ਮਾਰ ਹੇਠ ਪਿੱਸਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ |