ਬਠਿੰਡਾ, 6 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਅੰਦਰ ਕਣਕ ਕੱਟਣ ਉਪਰੰਤ ਨਾੜ/ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਦੇਖਣ ਵਿਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ | ਇਸ ਦੀ ਕੁਆਲਿਟੀ ਗਿਰ ਜਾਂਦੀ ਹੈ | ਜਿਸ ਕਰਕੇ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਅਤੇ ਇਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ | ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ | ਇਸ ਲਈ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਈ ਜਾਂਦੀ ਹੈ | ਜੇਕਰ ਕੋਈ ਕੰਬਾਈਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜ਼ਬਤ ਕੀਤਾ ਜਾਵੇਗਾ | ਇਹ ਹੁਕਮ 6 ਅਪ੍ਰੈਲ ਤੋਂ ਲੈ ਕੇ 6 ਜੂਨ 2026 ਤੱਕ ਜਾਰੀ ਰਹਿਣਗੇ |