ਬਠਿੰਡਾ, 23 ਅਪ੍ਰੈਲ (ਪ.ਪ.)-ਬਠਿੰਡਾ ਦੇ ਗੋਪਾਲ ਨਗਰ ਵਿਚ ਲੰਬੇ ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਪੱਖੇ ਫੜ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਲਾਤਾਂ ਵਿਚ ਜਲਦੀ ਸੁਧਾਰ ਨਾ ਆਇਆ ਤਾਂ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਗੋਪਾਲ ਨਗਰ ਦੇ ਕੌਂਸਲਰ ਹਰਵਿੰਦਰ ਸਿੰਘ ਲੱਡੂ ਨੇ ਦੱਸਿਆ ਕਿ ਗੋਪਾਲ ਨਗਰ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੰਬੇ ਕੱਟ ਲਗਾਏ ਜਾ ਰਹੇ ਹਨ | ਉਨ੍ਹਾਂ ਦੋਸ਼ ਲਗਾਏ ਕਿ ਜਦੋਂ ਬਿਜਲੀ ਦੀ ਸਮੱਸਿਆ ਸੰਬੰਧੀ ਉਹ ਬਿਜਲੀ ਬੋਰਡ ਦੇ ਅਧਿਕਾਰੀ ਨੂੰ ਜਾਣੂ ਕਰਵਾਉਂਦੇ ਹਨ, ਤਾਂ ਉਨ੍ਹਾਂ ਦੀਆਂ ਸ਼ਿਕਾਇਤਾਂ ਵੱਲ ਕੋਈ ਧਿਆਨ ਨਹੀ ਦਿੱਤਾ ਜਾਂਦਾ ਅਤੇ ਨਾ ਹੀ ਫ਼ੋਨ ਚੁੱਕਦੇ ਹਨ | ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਘਰਾਂ ਵਿਚ ਛੋਟੇ ਬੱਚੇ ਹਨ, ਜੋ ਸਕੂਲ ਤੋਂ ਵਾਪਸ ਆਉਣ ਤੋਂ ਬਾਅਦ ਤਿੱਖੀ ਗਰਮੀ ਕਾਰਨ ਬਿਮਾਰ ਹੋ ਰਹੇ ਹਨ | ਇਲਾਕੇ ਵਿਚ ਕਈ ਅਜਿਹੇ ਮਰੀਜ਼ ਵੀ ਹਨ, ਜਿੰਨ੍ਹਾਂ ਦੀ ਕੁੱਝ ਦਿਨ ਪਹਿਲਾ ਹੀ ਸਰਜਰੀ ਹੋਈ ਹੈ ਅਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਤਾਜ਼ੀ ਹਵਾ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ, ਪਰ ਬਿਜਲੀ ਕੱਟਾਂ ਕਾਰਨ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਰਹੀ ਹੈ | ਉਨ੍ਹਾਂ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ 24 ਘੰਟੇ ਬਿਨਾਂ ਰੁਕਾਵਟ ਬਿਜਲੀ ਦੀ ਸਪਲਾਈ ਦਿੱਤੀ ਜਾਵੇ | ਜੇਕਰ ਹਾਲਾਤ ਨਾ ਸੁਧਰੇ ਤਾਂ ਉਹ ਬਿਜਲੀ ਬੋਰਡ ਦੇ ਦਫ਼ਤਰ ਜਾਂ ਬਠਿੰਡਾ ਦੇ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ ਕਰਨਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ |
ਗੋਪਾਲ ਨਗਰ 'ਚ ਬਿਜਲੀ ਕੱਟਾਂ ਤੋਂ ਪੇ੍ਰਸ਼ਾਨ ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
24-04-2026