ਮਾਨਸਾ, 28 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਨਿਵਾਸੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਨੂੰ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਸਿਹਤ ਵਿਭਾਗ ਦੀ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਮਿਲਾਵਟੀ ਅਤੇ ਗੈਰ-ਮਿਆਰੀ ਵਸਤੂਆਂ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ 100 ਮੀਟਰ ਦੇ ਘੇਰੇ 'ਚ ਕਿਸੇ ਵੀ ਤਰ੍ਹਾਂ ਦੇ 'ਐਨਰਜੀ ਡਿ੍ੰਕਸ' ਦੀ ਵਿੱਕਰੀ 'ਤੇ ਪੂਰਨ ਰੋਕ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਬਾਜ਼ਾਰ 'ਚ ਵਿਕ ਰਹੇ ਦੁੱਧ, ਘਿਉ, ਪਨੀਰ ਅਤੇ ਆਈਸ ਕਰੀਮ ਦੀ ਲਗਾਤਾਰ ਜਾਂਚ ਕਰਨ ਦੀ ਹਦਾਇਤ ਵੀ ਦਿੱਤੀ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਮਿਡ-ਡੇ-ਮੀਲ ਅਤੇ ਆਂਗਣਵਾੜੀ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਵਰਕਰਾਂ ਨੂੰ ਭੋਜਨ ਦੇ ਰੱਖ-ਰਖਾਅ ਤੇ ਸਾਫ਼-ਸਫ਼ਾਈ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ | ਮੀਟਿੰਗ 'ਚ ਮੌਜੂਦ ਕੋਲਡ ਡਿ੍ੰਕਸ ਤੇ ਆਈਸ ਕਰੀਮ ਦੇ ਹੋਲਸੇਲ ਵਿਕੇ੍ਰਤਾਵਾਂ/ਉਤਪਾਦਕਾਂ ਨੂੰ ਹਦਾਇਤ ਕੀਤੀ ਗਈ ਕਿ ਸਿਰਫ਼ ਗੁਣਵੱਤਾ ਪੱਖੋਂ ਮਿਆਰੀ ਵਸਤੂਆਂ ਦੀ ਹੀ ਵਿੱਕਰੀ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਇਕਾਈ ਦੇ ਨਮੂਨੇ ਫ਼ੇਲ੍ਹ ਪਾਏ ਗਏ ਤਾਂ ਭਾਰੀ ਜੁਰਮਾਨੇ ਸਮੇਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮੰਜੂ ਬਾਲਾ, ਡੀ.ਐਸ.ਪੀ. ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |