ਮਾਨਸਾ, 28 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਨਮੋਹਨ ਸਿੰਘ ਔਲਖ ਐਸ. ਪੀ. (ਡੀ.) ਮਾਨਸਾ ਦੀ ਅਗਵਾਈ 'ਚ ਸਥਾਨਕ ਸ਼ਹਿਰ ਦੀਆਂ ਉਨ੍ਹਾਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿੱਥੇ ਨਸ਼ਿਆਂ ਦੀ ਵਰਤੋਂ ਜਾਂ ਵਿੱਕਰੀ ਵੱਧ ਹੋਣ ਦਾ ਸ਼ੱਕ ਹੈ | ਇਸ ਤੋਂ ਇਲਾਵਾ ਭੱਠਾ ਬਸਤੀ ਦੇ ਘਰਾਂ ਵਿਚ ਵੀ ਛਾਪੇਮਾਰੀ ਕੀਤੀ ਗਈ | ਐਸ. ਪੀ. (ਡੀ.) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਹਿਰ ਦੇ ਸ਼ੱਕੀ ਖੇਤਰਾਂ 'ਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਘਰਾਂ ਦੀ ਤਲਾਸ਼ੀ ਲੈਣ ਦੇ ਨਾਲ ਹੀ ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੋ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਪੁਲਿਸ ਵਲੋਂ ਸਬ ਡਵੀਜ਼ਨ ਸਰਦੂਲਗੜ੍ਹ ਤੇ ਬੁਢਲਾਡਾ 'ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ |