ਬਠਿੰਡਾ, 4 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾਣ ਵਾਲੀ ਹਫ਼ਤਾਵਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜਲਦ ਹੀ ਹਲਕਾ ਵਾਰ ਵਿਸ਼ੇਸ਼ ਬੈਠਕਾਂ ਸ਼ੁਰੂ ਕੀਤੀਆਂ ਜਾਣਗੀਆਂ | ਹਰ ਹਫ਼ਤੇ ਡਿਪਟੀ ਕਮਿਸ਼ਨਰ ਵਲੋਂ ਸੋਮਵਾਰ ਨੂੰ ਅਤੇ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੀਰਵਾਰ ਨੂੰ ਵਪਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ | ਇਨ੍ਹਾਂ ਬੈਠਕਾਂ 'ਚ ਵਪਾਰੀਆਂ ਸਬੰਧੀ ਮੁੱਦਿਆਂ 'ਤੇ ਚਰਚਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਸਬੰਧੀ ਕੰਮ ਕੀਤਾ ਜਾਂਦਾ ਹੈ | ਡਿਪਟੀ ਕਮਿਸ਼ਨਰ ਨੇ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਵੀ ਸਬੰਧਿਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਖੇ ਆਪਣੀ ਰਜਿਸਟਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਦਾ ਡਾਟਾ ਲੋੜ ਅਨੁਸਾਰ ਸਰਕਾਰ ਨੂੰ ਭੇਜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਾਰੇ ਵਪਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਮ ਕਰਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟਰੇਟ ਰਾਮਪੁਰਾ ਵੀਰਪਾਲ ਕੌਰ, ਉਪ ਮੰਡਲ ਮੈਜਿਸਟਰੇਟ ਮੌੜ ਗੁਰਜਿੰਦਰ ਸਿੰਘ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ, ਚੇਅਰਮੈਨ ਮਾਲਵਾ ਵੈਸਟ ਡਾ: ਤਰਸੇਮ ਗਰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |