ਸਰਦੂਲਗੜ੍ਹ, 4 ਮਈ (ਜੀ.ਐਮ.ਅਰੋੜਾ)- ਪੰਜਾਬ ਨੂੰ ਮੁੜ 'ਖੇਡਾਂ ਦੀ ਨਰਸਰੀ' ਬਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿਖੇ 32.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 15 ਜੁਲਾਈ ਤੱਕ 3100 ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ, ਜਿਸ 'ਚ ਖਿਡਾਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਹੈ | ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ | ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਰਾਜ ਕੁਮਾਰ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਮੋਹਤਬਰ ਹਾਜ਼ਰ ਸਨ |