ਬਠਿੰਡਾ, 2 ਜੂਨ (ਸੱਤਪਾਲ ਸਿੰਘ ਸਿਵੀਆਂ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਮਹਿਕਮਿਆਂ 'ਚ ਠੇਕਾ ਆਧਾਰ 'ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਸਰਕਾਰ ਅਧੀਨ ਲਿਆ ਕੇ ਪੱਕੇ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਜਿੱਥੇ ਸੂਬੇ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਪਿਛਲੀ 26 ਮਈ ਤੋਂ ਹੜਤਾਲ 'ਤੇ ਹਨ, ਉੱਥੇ ਹੁਣ ਪੰਚਾਇਤੀ ਵਿਭਾਗ ਅਧੀਨ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਨੇ 'ਕਲਮਛੋੜ' ਹੜਤਾਲ ਕਰ ਦਿੱਤੀ ਹੈ | ਇਸ ਦੌਰਾਨ ਉਹ ਮੁਕੰਮਲ ਤੌਰ 'ਤੇ ਵਿਕਾਸ ਕਾਰਜਾਂ ਦੇ ਕੰਮ-ਕਾਜ ਠੱਪ ਰੱਖਣਗੇ, ਜਦਕਿ ਸੂਬਾ ਸਰਕਾਰ ਆਪਣਾ ਆਖ਼ਰੀ ਵਰ੍ਹਾ ਹੋਣ ਕਰਕੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਜੋਰ ਲਗਾ ਰਹੀ ਹੈ | ਇਨ੍ਹਾਂ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਭਰ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰਾਂ ਮੂਹਰੇ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਗਏ | ਬਠਿੰਡਾ 'ਚ ਮਨਰੇਗਾ ਮੁਲਾਜ਼ਮਾਂ ਦੀ ਅਗਵਾਈ ਕਰਦਿਆਂ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਵਰਿੰਦਰ ਸਿੰਘ, ਚਮਕੌਰ ਸਿੰਘ, ਨਵਪ੍ਰੀਤ ਸਿੰਘ ਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਰੀਬ 18-19 ਸਾਲਾਂ ਤੋਂ ਮਨਰੇਗਾ ਸਕੀਮ ਤਹਿਤ ਪੰਜਾਬ ਦੇ ਪੰਚਾਇਤੀ ਵਿਭਾਗ ਅਧੀਨ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਪੱਕੇ ਨਹੀਂ ਕੀਤਾ ਗਿਆ ਹੈ, ਸਗੋਂ ਪਿਛਲੇ 8-9 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹਾਂ ਵੀ ਜਾਰੀ ਨਹੀਂ ਕੀਤੀਆਂ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪੱਕੇ ਹੋਣ ਅਤੇ ਤਨਖ਼ਾਹਾਂ ਜਾਰੀ ਕਰਨ ਲਈ ਉਹ ਲਗਾਤਾਰ ਪੰਜਾਬ ਸਰਕਾਰ ਦਾ ਦਰਵਾਜਾ ਖੜਕਾ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਕੰਮਕਾਜ ਠੱਪ ਕਰਦੇ ਹੋਏ 'ਕਲਮਛੋੜ ਹੜਤਾਲ' ਕਰਨ ਲਈ ਮਜਬੂਰ ਹੋਣਾ ਪਿਆ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਸਲਾ ਵਿਚਾਰਨ ਲਈ ਸੂਬਾ ਸਰਕਾਰ ਨੇ ਹਫ਼ਤੇ ਦਾ ਸਮਾਂ ਮੰਗਿਆ ਹੈ, ਜਿਸ ਲਈ ਉਨ੍ਹਾਂ ਦੀ ਕਲਮਛੋੜ ਹੜਤਾਲ 10 ਜੂਨ ਤੱਕ ਲਗਾਤਾਰ ਜਾਰੀ ਰਹੇਗੀ ਤੇ ਦੌਰਾਨ ਉਹ ਮਹਿਕਮੇ ਦਾ ਕੋਈ ਕੰਮ ਨਹੀਂ ਕਰਨਗੇ | ਇਨ੍ਹਾਂ 10 ਦਿਨਾਂ ਅੰਦਰ ਵੀ ਸੱਤਾਧਾਰੀ ਧਿਰ ਦੇ ਮੰਤਰੀਆਂ-ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |