ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਅਕਤੂਬਰ ਨੂੰ
ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤਿਆਰੀਆਂ ਮੁਕੰਮਲ - ਬਲਾਕ ਪ੍ਰਧਾਨ ਲਾਭ ਕੌਰ
ਸੰਗਤ ਮੰਡੀ, 27 ਸਤੰਬਰ (ਅੰਮ੍ਰਿਤ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਇੱਕ ਅਕਤੂਬਰ ਨੂੰ ਹੱਕੀ ਮੰਗਾਂ ਸੰਬੰਧੀ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੀ ਬਲਾਕ ਪ੍ਰਧਾਨ ਲਾਭ ਕੌਰ ਪਥਰਾਲਾ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂ ਵਾਲਾ ਵਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ।
ਸੰਗਤ ਮੰਡੀ, 27 ਸਤੰਬਰ (ਅੰਮ੍ਰਿਤ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਇੱਕ ਅਕਤੂਬਰ ਨੂੰ ਹੱਕੀ ਮੰਗਾਂ ਸੰਬੰਧੀ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੀ ਬਲਾਕ ਪ੍ਰਧਾਨ ਲਾਭ ਕੌਰ ਪਥਰਾਲਾ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂ ਵਾਲਾ ਵਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ, ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ, ਜੋ ਅਜੇ ਤੱਕ ਲਾਗੂ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਚ ਪ੍ਰਾਈਵੇਟ ਕੰਪਨੀਆਂ ਰਾਹੀਂ ਆ ਰਹੇ ਗੈਰ-ਮਿਆਰੀ ਰਾਸ਼ਨ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ, ਪ੍ਰੰਤੂ ਹੁਣ ਸਰਕਾਰ ਨੇ ਹੋਰ ਕੋਝੀ ਚਾਲ ਚਲਦਿਆਂ ਇਹ ਰਾਸ਼ਨ ਸੂਬਾ ਪੱਧਰੀ ਕੰਪਨੀਆਂ ਕੋਲੋਂ ਬੰਦ ਕਰਕੇ ਜ਼ਿਲ੍ਹਾ ਪੱਧਰੀ ‘ਤੇ ਨਵੀਆਂ ਕੰਪਨੀਆਂ ਖੜ੍ਹੀਆਂ ਕਰਕੇ ਉਨ੍ਹਾਂ ਰਾਹੀਂ ਦੇਣ ਦੀ ਚੱਲੀ ਜਾ ਰਹੀ ਚਾਲ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਆਂਗਣਵਾੜੀ ਕੇਂਦਰਾਂ ’ਚ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਤਾਜ਼ਾ ਬਣਾ ਕੇ ਦਿੱਤਾ ਜਾਵੇ ਜਾਂ ਆਂਗਣਵਾੜੀ ਹੈਲਪਰ ਦੁਆਰਾ ਪਹਿਲਾਂ ਦੀ ਤਰ੍ਹਾਂ ਬਣਾਇਆ ਜਾਵੇ ਤਾਂ ਜੋ ਵਿਚੋਲੀਆਂ ਦੀ ਲੁੱਟ ਬੰਦ ਹੋ ਸਕੇ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਅਕਤੂਬਰ ਨੂੰ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ, ਹੈਲਪਰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਹੁੰਚ ਕੇ ਭਾਰੀ ਰੋਸ ਮੁਜ਼ਾਹਰਾ ਕਰਨਗੀਆਂ।