ਆਈ.ਟੀ.ਆਈ. ਕੱਚੇ ਇੰਸਟਰਕਟਰਾਂ ਵਲੋਂ ‘ਕਾਲੀ ਦਿਵਾਲੀ’ ਮਨਾਉਣ ਦਾ ਐਲਾਨ
ਕੋਟਕਪੂਰਾ, 7 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸਬੰਧਿਤ ਆਈ. ਟੀ.
ਕੋਟਕਪੂਰਾ, 7 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸਬੰਧਿਤ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ‘ਕਾਲੀ ਦਿਵਾਲੀ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਸੈਕਟਰੀ ਪ੍ਰਦੀਪ ਸਿੰਘ, ਜਨਰਲ ਸੈਕਟਰੀ ਸਵਰਨ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਆਈ. ਟੀ. ਆਈਜ਼ ਵਿਚ ਸੇਵਾਵਾਂ ਨਿਭਾ ਰਹੇ ਇੰਸਟਰਕਟਰ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਤਾਣੇ-ਬਾਣੇ ਹੇਠ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਤ ਕਰਨ ਸੰਬੰਧੀ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਡੀ.ਐਸ.ਟੀ.ਅਤੇ ਸੀ.ਟੀ.ਐਸ. ਸਕੀਮ ਤਹਿਤ ਕੰਮ ਕਰ ਰਹੇ ਸਮੂਹ ਇੰਸਟਰਕਟਰਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲੈ ਕੇ ਸੇਵਾ ਸੁਰੱਖਿਆ ਦਿੱਤੀ ਜਾਵੇ, ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ। ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਕੋਈ ਹੱਲ ਨਾ ਕੱਢਿਆ, ਤਾਂ ਸੂਬਾ ਭਰ ਦੇ ਇੰਸਟਰਕਟਰ ਆਪਣੇ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਇਸ ਨਾਲ ਪੈਦਾ ਹੋਣ ਵਾਲੇ ਹਲਾਤਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ। ਇਸ ਮੌਕੇ ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।