ਸਮਰਾਲਾ, 31 ਦਸੰਬਰ (ਗੋਪਾਲ ਸੋਫਤ)-ਕੇਂਦਰ ਦੀ ਮੋਦੀ ਸਰਕਾਰ ਜੋ ਹਮੇਸ਼ਾ ਦਲਿਤਾਂ ਅਤੇ ਗ਼ਰੀਬਾਂ ਦੀ ਰੋਜੀ ਰੋਟੀ ਖੋਹ ਕੇ ਉਨ੍ਹਾਂ ਦੇ ਬੁਨਿਆਦੀ ਹੱਕਾਂ 'ਤੇ ਡਾਕਾ ਮਾਰਨ ਵਿਚ ਮੋਹਰੀ ਹੈ, ਪ੍ਰੰਤੂ ਪੰਜਾਬ ਸਰਕਾਰ ਮਜ਼ਦੂਰਾਂ ਦੇ ਹੱਕਾਂ ਲਈ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਸੂਬਾ ਪ੍ਰਧਾਨ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਵਲੋਂ ਪਿੰਡ ਸੇਹ ਵਿਖੇ ਜਗਰੂਪ ਸਿੰਘ ਰਿੰਕੂ ਸਰਪੰਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਦਫ਼ਤਰ ਵਿਖੇ ਮਗਨਰੇਗਾ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਪੰਜਾਬ ਦੇ ਮਜ਼ਦੂਰਾਂ ਦੇ ਹੱਕ ਵਿਚ ਖੜ੍ਹ ਕੇ ਅਤੇ ਇਸ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰ ਕੇ ਪੰਜਾਬ ਦਾ ਸੱਚਾ ਪੁੱਤਰ ਹੋਣ ਦਾ ਸਬੂਤ ਦਿੱਤਾ ਹੈ ਅਤੇ ਮੋਦੀ ਦੇ ਇਸ ਕਾਨੂੰਨ ਨੂੰ ਮੂਲੋਂ ਰੱਦ ਕਰ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਜਗਰੂਪ ਸਿੰਘ ਰਿੰਕੂ ਨੇ ਕਿਹਾ ਕੇਂਦਰ ਸਰਕਾਰ ਜੋ ਪੰਜਾਬ ਦੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਮਜ਼ਦੂਰਾਂ ਨਾਲ ਖੜ੍ਹੀ ਹੈ | ਇਸ ਮੌਕੇ ਹੋਰਨਾਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਮਗਨਰੇਗਾ ਮਜ਼ਦੂਰ ਹਾਜ਼ਰ ਸਨ |