ਅਹਿਮਦਗੜ੍ਹ, 3 ਜਨਵਰੀ (ਰਵਿੰਦਰ ਪੁਰੀ)-ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵਲੋਂ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸ਼ਹਿਰ ਵਿਚ ਹਰ ਧਰਮ ਦੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ, ਜਿਸ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਨਗਰ ਕੀਰਤਨ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਗੁਲਾਬ ਸਿੰਘ, ਸਕੱਤਰ ਨਿਹਾਲ ਸਿੰਘ ਉੱਭੀ, ਮੋਹਨ ਸਿੰਘ ਸਰਾਉ, ਜਸਕਰਨ ਸਿੰਘ ਸੋਢੀ, ਅੰਮਿ੍ਤਪਾਲ ਸਿੰਘ ਖ਼ਾਲਸਾ, ਹੈੱਡ ਗ੍ਰੰਥੀ ਰਵਿੰਦਰ ਸਿੰਘ, ਅਵਤਾਰ ਸਿੰਘ ਬੜਿੰਗ, ਗੁਰਮੀਤ ਸਿੰਘ ਖ਼ਾਲਸਾ, ਸਾਬਕਾ ਪ੍ਰਧਾਨ ਕਿ੍ਸ਼ਨ ਸਿੰਘ ਰਾਜੜ, ਸਾਬਕਾ ਪ੍ਰਧਾਨ ਭਾਈ ਕੁਲਦੀਪ ਸਿੰਘ ਖ਼ਾਲਸਾ, ਰੁਪਿੰਦਰ ਸਿੰਘ ਬ੍ਰਹਮਪੁਰ, ਚੇਅਰਮੈਨ ਤੇ ਕੌਂਸਲਰ ਕਮਲਜੀਤ ਸਿੰਘ ਉੱਭੀ, ਨਗਰ ਕੌਂਸਲ ਦੇ ਉਪ ਪ੍ਰਧਾਨ ਜਗਵੰਤ ਸਿੰਘ ਜੱਗੀ ਆਦਿ ਹਾਜ਼ਰ ਸਨ |