ਮਾਛੀਵਾੜਾ ਸਾਹਿਬ, 3 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਚਾਈਨਾ ਡੋਰ ਦੀ ਵਿੱਕਰੀ ਨੂੰ ਲੈ ਕੇ ਮਾਛੀਵਾੜਾ ਪੁਲਿਸ ਵਲੋਂ ਬਾਜ਼ਾਰਾਂ ਵਿਚ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵੀ ਮੌਜੂਦ ਸਨ | ਇਸ ਮੌਕੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਕਿਹਾ ਕਿ ਮਾਛੀਵਾੜਾ ਇਲਾਕੇ ਵਿਚ ਚਾਈਨਾ ਡੋਰ ਦੀ ਵਿੱਕਰੀ ਬਿਲਕੁਲ ਵੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਡੋਰ ਵਿੱਕਰੀ ਦੀ ਰੋਕਥਾਮ ਲਈ ਕੁੱਝ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜੋ ਕਿ ਭਵਿੱਖ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਘਾਤਕ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਜਿੱਥੇ ਮਨੁੱਖਾਂ ਲਈ ਜਾਨਲੇਵਾ ਹੈ ਉੱਥੇ ਪਸ਼ੂ, ਪੰਛੀਆਂ ਲਈ ਵੀ ਮਾਰੂ ਸਾਬਤ ਹੋ ਰਹੀ ਹੈ | ਉਨ੍ਹਾਂ ਮਾਪਿਆਂ ਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਤੋਂ ਪਰਹੇਜ਼ ਹਨ ਅਤੇ ਜੇਕਰ ਕੋਈ ਬੱਚਾ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਦਾ ਪਾਇਆ ਗਿਆ ਤਾਂ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਥਾਣਾ ਮੁਖੀ ਨੇ ਨਾਲ ਇਹ ਵੀ ਚਿਤਾਵਨੀ ਦਿੱਤੀ ਕਿ ਪੁਲਿਸ ਵਲੋਂ ਛੱਤਾਂ 'ਤੇ ਚੜ ਕੇ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਬੱਚਾ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਂਦਾ ਕਾਬੂ ਆਇਆ ਤਾਂ ਉਸ ਦੇ ਮਾਪਿਆਂ ਅਤੇ ਜਿੱਥੋਂ ਉਹ ਡੋਰ ਖ਼ਰੀਦ ਕੇ ਲੈ ਕੇ ਆਇਆ ਉਸ ਖ਼ਿਲਾਫ਼ ਵੀ ਮਾਮਲਾ ਦਰਜ ਹੋਵੇਗਾ |