ਰਾਏਕੋਟ, 3 ਜਨਵਰੀ (ਸੁਸ਼ੀਲ)-ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਪੰਜਾਬ ਵਿਚ ਹੈਲੀਕਾਪਟਰ ਦੀ ਹੋ ਰਹੀ ਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਅਤੇ ਆਰ.ਟੀ.ਆਈ. ਐਕਟੀਵਿਸਟ ਸਮੇਤ 10 ਵਿਅਕਤੀਆਂ ਉੱਪਰ ਭਗਵੰਤ ਮਾਨ ਸਰਕਾਰ ਵਲੋਂ ਕੇਸ ਦਰਜ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਇਹ ਕੇਸ ਦਰਜ ਕਰਨਾ ਬੋਲਣ ਦੀ ਆਜ਼ਾਦੀ 'ਤੇ ਹਮਲਾ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅਣ-ਐਲਾਨੀ ਐਮਰਜੇਂਸੀ ਵਰਗੇ ਹਾਲਾਤ ਬਣੇ ਹੋਏ ਹਨ, ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕ ਜਾਂ ਪੱਤਰਕਾਰ ਅਤੇ ਲੋਕਾਂ ਲਈ ਲੜ ਰਹੀਆਂ ਜਥੇਬੰਦੀਆਂ ਦੇ ਆਗੂਆਂ 'ਤੇ ਕੇਸ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ, ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗਿ੍ਫਤਾਰ ਕਰਕੇ ਜੇਲ੍ਹ ਵਿਚ ਡੱਕਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿੱਤ ਸਕੱਤਰ ਗੁਰਬਚਨ ਸਿੰਘ ਖੰਨਾ, ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਮਾਛੀਵਾੜਾ ਨੇ ਮੰਗ ਕੀਤੀ ਕਿ ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਜਥੇਬੰਦਕ ਆਗੂਆਂ ਉੱਪਰ ਪਾਏ ਕੇਸ ਤੁਰੰਤ ਵਾਪਿਸ ਲਏ ਜਾਣ |